ਪੰਜਾਬ ਸਰਕਾਰ ਨੇ ਡਿਊਟੀ ਦੌਰਾਨ ਗੈਰ-ਹਾਜ਼ਰ ਰਹਿਣ ਵਾਲੇ ਸਰਕਾਰੀ ਮੁਲਾਜ਼ਮਾਂ ਖ਼ਿਲਾਫ਼ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਨੇ ਸਾਰੇ ਵਿਭਾਗਾਂ ਨੂੰ ਅਜਿਹੇ ਮੁਲਾਜ਼ਮਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਹਨ।

ਸਰਕਾਰ ਦੇ ਧਿਆਨ ਵਿੱਚ ਆਇਆ ਹੈ ਕਿ ਕੁਝ ਮੁਲਾਜ਼ਮ ਦਫ਼ਤਰ ਵਿੱਚ ਹਾਜ਼ਰੀ ਲਗਾਉਣ ਤੋਂ ਬਾਅਦ ਆਪਣੀ ਡਿਊਟੀ ਵਾਲੀ ਥਾਂ ਤੋਂ ਗੈਰ-ਹਾਜ਼ਰ ਹੋ ਜਾਂਦੇ ਹਨ। ਅਜਿਹੀ ਹਾਜ਼ਰੀ ਨੂੰ ਹੁਣ ਅਣਅਧਿਕਾਰਤ ਗੈਰ-ਹਾਜ਼ਰੀ ਮੰਨਿਆ ਜਾਵੇਗਾ।
ਹੁਕਮਾਂ ਮੁਤਾਬਕ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਵਾਲੇ ਮੁਲਾਜ਼ਮਾਂ ’ਤੇ ‘ਨੋ ਵਰਕ, ਨੋ ਪੇ’ ਦਾ ਨਿਯਮ ਲਾਗੂ ਹੋਵੇਗਾ। ਇਸ ਦਾ ਮਤਲਬ ਹੈ ਕਿ ਜਿਸ ਸਮੇਂ ਦੌਰਾਨ ਮੁਲਾਜ਼ਮ ਨੇ ਕੰਮ ਨਹੀਂ ਕੀਤਾ, ਉਸ ਸਮੇਂ ਦੀ ਤਨਖ਼ਾਹ ਨਹੀਂ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਗੈਰ-ਹਾਜ਼ਰ ਪਾਏ ਜਾਣ ਵਾਲੇ ਮੁਲਾਜ਼ਮਾਂ ਖ਼ਿਲਾਫ਼ ਵਿਭਾਗੀ ਅਨੁਸ਼ਾਸਨੀ ਕਾਰਵਾਈ ਵੀ ਕੀਤੀ ਜਾਵੇਗੀ। ਸਰਕਾਰ ਨੇ ਸਪੱਸ਼ਟ ਕੀਤਾ ਹੈ ਕਿ ਡਿਊਟੀ ਪ੍ਰਤੀ ਲਾਪਰਵਾਹੀ ਨੂੰ ਕਿਸੇ ਵੀ ਪੱਧਰ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਪਰਸੋਨਲ ਵਿਭਾਗ ਨੇ ਸਾਰੇ ਉੱਚ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਈ ਜਾਵੇ ਅਤੇ ਆਪਣੇ-ਆਪਣੇ ਵਿਭਾਗਾਂ ਵਿੱਚ ਮੁਲਾਜ਼ਮਾਂ ਦੀ ਹਾਜ਼ਰੀ ਅਤੇ ਡਿਊਟੀ ਦੀ ਨਿਗਰਾਨੀ ਕੀਤੀ ਜਾਵੇ।
