ਅੰਮ੍ਰਿਤਸਰ: 

ਸ੍ਰੀ ਅਕਾਲ ਤਖ਼ਤ ਸਾਹਿਬ ਨਾਲ ਸਬੰਧਤ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਹੋਰ ਆਗੂ ਆਪਣਾ ਪੱਖ ਰੱਖਣ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚੇ। ਇਹ ਮਾਮਲਾ ਲੁਧਿਆਣਾ ਦੇ ਪਾਇਲ ਹਲਕੇ ਤੋਂ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨਾਲ ਸਬੰਧਤ ਦੱਸਿਆ ਜਾ ਰਿਹਾ ਹੈ। ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਹੁਕਮਾਂ ਅਨੁਸਾਰ, ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਨਿੱਜੀ ਤੌਰ ’ਤੇ ਪੇਸ਼ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ ਸੀ।
ਪੰਜਾਬ ਬੰਦ ਕਾਰਨ ਬਦਲਿਆ ਗਿਆ ਪੇਸ਼ੀ ਦਾ ਸਮਾਂ
ਪਹਿਲਾਂ ਸਬੰਧਤ ਵਿਧਾਇਕਾਂ ਅਤੇ ਆਗੂਆਂ ਨੂੰ ਵੀਰਵਾਰ ਦੁਪਹਿਰ 12 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪੇਸ਼ ਹੋਣ ਲਈ ਕਿਹਾ ਗਿਆ ਸੀ। ਪਰ ਨਸ਼ਿਆਂ ਵਿਰੁੱਧ ਆਵਾਜ਼ ਉਠਾਉਣ ਵਾਲੇ ਮਾਨਸਾ ਦੇ ਪਰਵਿੰਦਰ ਸਿੰਘ ਦੀ ਹੱਤਿਆ ਦੇ ਵਿਰੋਧ ਵਿੱਚ ਉਨ੍ਹਾਂ ਦੇ ਪਰਿਵਾਰ ਵੱਲੋਂ ਪੰਜਾਬ ਬੰਦ ਦਾ ਸੱਦਾ ਦਿੱਤੇ ਜਾਣ ਕਾਰਨ ਪੇਸ਼ੀ ਦੇ ਪ੍ਰੋਗਰਾਮ ਵਿੱਚ ਤਬਦੀਲੀ ਕੀਤੀ ਗਈ।
ਇਸ ਤੋਂ ਬਾਅਦ ਸਬੰਧਤ ਆਗੂਆਂ ਨੂੰ ਸ਼ੁੱਕਰਵਾਰ ਸਵੇਰੇ 11 ਵਜੇ ਸਕੱਤਰੇਤ ਵਿਖੇ ਹਾਜ਼ਰ ਹੋ ਕੇ ਆਪਣਾ ਪੱਖ ਰੱਖਣ ਲਈ ਕਿਹਾ ਗਿਆ।
ਕਾਰਵਾਈ ’ਤੇ ਟਿਕੀਆਂ ਸਭ ਦੀਆਂ ਨਜ਼ਰਾਂ
ਇਸ ਮਾਮਲੇ ਵਿੱਚ ‘ਆਪ’ ਵਿਧਾਇਕਾਂ ਅਤੇ ਆਗੂਆਂ ਵੱਲੋਂ ਦਿੱਤੇ ਜਾਣ ਵਾਲੇ ਸਪੱਸ਼ਟੀਕਰਨ ਨੂੰ ਲੈ ਕੇ ਸਿਆਸੀ ਅਤੇ ਧਾਰਮਿਕ ਹਲਕਿਆਂ ਵਿੱਚ ਚਰਚਾ ਬਣੀ ਹੋਈ ਹੈ। ਹੁਣ ਸਭ ਦੀਆਂ ਨਜ਼ਰਾਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਹੋਣ ਵਾਲੀ ਕਾਰਵਾਈ ਅਤੇ ਅਗਲੇ ਫ਼ੈਸਲੇ ’ਤੇ ਟਿਕੀਆਂ ਹੋਈਆਂ ਹਨ।
