ਕੇਂਦਰ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਦੀ ਅਪੀਲ
ਚੰਡੀਗੜ੍ਹ: Major Times

ਪੰਜਾਬ ਵਿਧਾਨ ਸਭਾ ਵਿੱਚ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਮੁੜ ਖੋਲ੍ਹਣ ਅਤੇ ਸਿੱਖ ਸੰਗਤ ਲਈ ਨਿਰਵਿਘਨ ਦਰਸ਼ਨਾਂ ਦੀ ਸਹੂਲਤ ਯਕੀਨੀ ਬਣਾਉਣ ਦੀ ਮੰਗ ਉਠਾਈ ਗਈ। ਪੰਜਾਬ ਦੇ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਦਨ ਵਿੱਚ ਮਤਾ ਪੇਸ਼ ਕਰਦਿਆਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਲਾਂਘੇ ਨੂੰ ਮੁੜ ਚਾਲੂ ਕਰਵਾਉਣ ਲਈ ਤੁਰੰਤ ਪ੍ਰਭਾਵਸ਼ਾਲੀ ਕਦਮ ਚੁੱਕੇ। ਉਨ੍ਹਾਂ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਸਿੱਖ ਭਾਈਚਾਰੇ ਦੀਆਂ ਧਾਰਮਿਕ ਭਾਵਨਾਵਾਂ ਨਾਲ ਡੂੰਘਾ ਜੁੜਿਆ ਹੋਇਆ ਹੈ ਅਤੇ ਇਸ ਨੂੰ ਖੁੱਲ੍ਹਾ ਰੱਖਣਾ ਬੇਹੱਦ ਮਹੱਤਵਪੂਰਨ ਹੈ।
ਮਤੇ ਰਾਹੀਂ ਕੇਂਦਰ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਲਾਂਘੇ ਰਾਹੀਂ ਯਾਤਰਾ ਮੁੜ ਸ਼ੁਰੂ ਕਰਨ ਅਤੇ ਇਸ ਨੂੰ ਨਿਰੰਤਰ ਜਾਰੀ ਰੱਖਣ ਲਈ ਢੁੱਕਵੀਂ ਵਿਵਸਥਾ ਕਰਨ ਦੀ ਅਪੀਲ ਕੀਤੀ ਗਈ। ਇਸ ਦੇ ਨਾਲ ਹੀ ਸ਼ਰਧਾਲੂਆਂ ਲਈ ਯਾਤਰਾ ਸਬੰਧੀ ਨਿਯਮਾਂ ਅਤੇ ਪ੍ਰਕਿਰਿਆਵਾਂ ਨੂੰ ਸਰਲ ਬਣਾਉਣ ’ਤੇ ਵੀ ਜ਼ੋਰ ਦਿੱਤਾ ਗਿਆ, ਤਾਂ ਜੋ ਸੰਗਤ ਬਿਨਾਂ ਕਿਸੇ ਬੇਲੋੜੀ ਰੁਕਾਵਟ ਦੇ ਪਾਕਿਸਤਾਨ ਸਥਿਤ ਗੁਰਦੁਆਰਾ ਦਰਬਾਰ ਸਾਹਿਬ, ਕਰਤਾਰਪੁਰ ਦੇ ਦਰਸ਼ਨ ਕਰ ਸਕੇ।
ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਨਾਲ ਜੁੜਿਆ ਹੈ ਲਾਂਘਾ
ਸਦਨ ਨੂੰ ਸੰਬੋਧਨ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਅਤੇ ਉਨ੍ਹਾਂ ਵੱਲੋਂ ਦਰਸਾਏ ਮਾਰਗ ਦਾ ਮਹੱਤਵਪੂਰਨ ਕੇਂਦਰ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ‘ਕਿਰਤ ਕਰੋ, ਨਾਮ ਜਪੋ ਤੇ ਵੰਡ ਛਕੋ’ ਦਾ ਸੰਦੇਸ਼ ਦਿੱਤਾ ਅਤੇ ਸਮਾਜ ਵਿੱਚ ਬਰਾਬਰੀ, ਸੇਵਾ, ਭਾਈਚਾਰੇ ਤੇ ਸਰਬੱਤ ਦੇ ਭਲੇ ਦੀ ਭਾਵਨਾ ਨੂੰ ਪ੍ਰਮੁੱਖਤਾ ਦਿੱਤੀ।
ਉਨ੍ਹਾਂ ਕਿਹਾ ਕਿ ਕਰਤਾਰਪੁਰ ਸਾਹਿਬ ਲਾਂਘਾ ਕੇਵਲ ਦੋ ਦੇਸ਼ਾਂ ਨੂੰ ਜੋੜਨ ਵਾਲਾ ਰਸਤਾ ਨਹੀਂ, ਸਗੋਂ ਦੁਨੀਆ ਭਰ ਵਿੱਚ ਵੱਸਦੀ ਸਿੱਖ ਸੰਗਤ ਲਈ ਆਪਣੀ ਅਧਿਆਤਮਿਕ ਵਿਰਾਸਤ ਨਾਲ ਜੁੜਨ ਦਾ ਅਹਿਮ ਮਾਧਿਅਮ ਹੈ। ਇਹ ਅਸਥਾਨ ਗੁਰੂ ਸਾਹਿਬ ਦੇ ਜੀਵਨ ਨਾਲ ਜੁੜੀਆਂ ਯਾਦਾਂ ਨੂੰ ਸੰਭਾਲਦਾ ਹੈ ਅਤੇ ਲੱਖਾਂ ਸ਼ਰਧਾਲੂਆਂ ਦੀ ਆਸਥਾ ਦਾ ਕੇਂਦਰ ਹੈ।
ਵੰਡ ਦੇ ਦਰਦ ਨੂੰ ਘਟਾਉਣ ਅਤੇ ਆਪਸੀ ਸਾਂਝ ਮਜ਼ਬੂਤ ਕਰਨ ਦਾ ਮਾਧਿਅਮ
ਕੈਬਨਿਟ ਮੰਤਰੀ ਨੇ ਕਿਹਾ ਕਿ ਸਾਲ 1947 ਦੀ ਵੰਡ ਦੌਰਾਨ ਵਿਛੜੇ ਪਰਿਵਾਰਾਂ ਅਤੇ ਸਰਹੱਦ ਦੇ ਦੋਵੇਂ ਪਾਸੇ ਵੱਸਦੇ ਲੋਕਾਂ ਦੀਆਂ ਭਾਵਨਾਵਾਂ ਨਾਲ ਵੀ ਕਰਤਾਰਪੁਰ ਸਾਹਿਬ ਲਾਂਘਾ ਜੁੜਿਆ ਹੋਇਆ ਹੈ। ਉਨ੍ਹਾਂ ਅਨੁਸਾਰ, ਇਸ ਲਾਂਘੇ ਦਾ ਖੁੱਲ੍ਹਾ ਰਹਿਣਾ ਧਾਰਮਿਕ ਆਜ਼ਾਦੀ ਦੇ ਨਾਲ-ਨਾਲ ਆਪਸੀ ਵਿਸ਼ਵਾਸ, ਸ਼ਾਂਤੀ ਅਤੇ ਸਾਂਝੀ ਵਿਰਾਸਤ ਨੂੰ ਮਜ਼ਬੂਤ ਕਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ।
ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦਾ ਸੰਦੇਸ਼ ਕਿਸੇ ਇੱਕ ਧਰਮ ਜਾਂ ਖੇਤਰ ਤੱਕ ਸੀਮਤ ਨਹੀਂ, ਸਗੋਂ ਸਮੁੱਚੀ ਮਨੁੱਖਤਾ ਲਈ ਹੈ। ਪਿਆਰ, ਸਹਿਣਸ਼ੀਲਤਾ, ਸਦਭਾਵਨਾ ਅਤੇ ਸ਼ਾਂਤੀ ਦੀਆਂ ਇਹ ਸਿੱਖਿਆਵਾਂ ਸਰਹੱਦਾਂ ਤੋਂ ਉੱਪਰ ਉੱਠ ਕੇ ਲੋਕਾਂ ਨੂੰ ਆਪਸ ਵਿੱਚ ਜੋੜਦੀਆਂ ਹਨ।
ਬਜ਼ੁਰਗ ਸ਼ਰਧਾਲੂਆਂ ਲਈ ਪ੍ਰਕਿਰਿਆਵਾਂ ਸਰਲ ਬਣਾਉਣ ਦੀ ਮੰਗ
ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਲਾਂਘੇ ਰਾਹੀਂ ਯਾਤਰਾ ’ਤੇ ਲੱਗੀਆਂ ਪਾਬੰਦੀਆਂ ਅਤੇ ਆਉਣ-ਜਾਣ ਵਿੱਚ ਪੇਸ਼ ਆਉਣ ਵਾਲੀਆਂ ਮੁਸ਼ਕਲਾਂ ਕਾਰਨ ਸੰਗਤ ਨੂੰ ਦਰਸ਼ਨਾਂ ਤੋਂ ਵਾਂਝਾ ਰਹਿਣਾ ਪੈਂਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਲਾਂਘੇ ਨੂੰ ਮੁੜ ਖੋਲ੍ਹਣ ਲਈ ਕੂਟਨੀਤਕ ਪੱਧਰ ’ਤੇ ਯਤਨ ਤੇਜ਼ ਕੀਤੇ ਜਾਣ ਅਤੇ ਯਾਤਰਾ ਦੀਆਂ ਸ਼ਰਤਾਂ ਨੂੰ ਸੌਖਾ ਬਣਾਇਆ ਜਾਵੇ।
ਉਨ੍ਹਾਂ ਖ਼ਾਸ ਤੌਰ ’ਤੇ ਬਜ਼ੁਰਗ ਸ਼ਰਧਾਲੂਆਂ ਦੀ ਸਹੂਲਤ ਵੱਲ ਧਿਆਨ ਦੇਣ ਦੀ ਲੋੜ ਦੱਸੀ, ਤਾਂ ਜੋ ਵੱਧ ਤੋਂ ਵੱਧ ਸੰਗਤ ਗੁਰਦੁਆਰਾ ਦਰਬਾਰ ਸਾਹਿਬ ਦੇ ਦਰਸ਼ਨ ਕਰ ਸਕੇ। ਮੰਤਰੀ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਨੂੰ ਖੁੱਲ੍ਹਾ ਰੱਖਣ ਲਈ ਨਿਰੰਤਰ ਅਤੇ ਸੁਹਿਰਦ ਯਤਨ ਕੀਤੇ ਜਾਣੇ ਚਾਹੀਦੇ ਹਨ, ਕਿਉਂਕਿ ਇਹ ਲੱਖਾਂ ਲੋਕਾਂ ਦੀ ਆਸਥਾ, ਪੰਜਾਬ ਦੀ ਸਾਂਝੀ ਵਿਰਾਸਤ ਅਤੇ ਮਨੁੱਖੀ ਏਕਤਾ ਦਾ ਪ੍ਰਤੀਕ ਹੈ।
