ਅੰਮ੍ਰਿਤਸਰ ’ਚ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ, ਗੋਲਡੀ ਢਿੱਲੋਂ ਨੇ ਲਈ ਜ਼ਿੰਮੇਵਾਰੀ
ਅੰਮ੍ਰਿਤਸਰ: ਅੰਮ੍ਰਿਤਸਰ ਵਿੱਚ ਸ਼ਨੀਵਾਰ ਨੂੰ ਮੇਕਅਪ ਆਰਟਿਸਟ ਅਤੇ ਸੋਸ਼ਲ ਮੀਡੀਆ ਇਨਫਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਗੋਲੀ ਲੱਗਣ ਤੋਂ ਬਾਅਦ ਸੜਕ ’ਤੇ ਡਿੱਗੇ ਸੰਧੂ ਦੀ ਵੀਡੀਓ ਵੀ ਸੋਸ਼ਲ ਮੀਡੀਆ ’ਤੇ ਵਾਇਰਲ ਹੋ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਵੱਲੋਂ ਹਮਲਾਵਰਾਂ ਅਤੇ ਕਤਲ ਦੇ ਕਾਰਨਾਂ ਸਬੰਧੀ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ।

ਧਮਕੀਆਂ ਮਿਲਣ ਦੀ ਗੱਲ ਵੀ ਸਾਹਮਣੇ ਆਈ
ਦੱਸਿਆ ਜਾ ਰਿਹਾ ਹੈ ਕਿ ਮੈਡ ਸੰਧੂ ਨੂੰ ਪਹਿਲਾਂ ਵੀ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਰਹੀਆਂ ਸਨ। ਕੁਝ ਲੋਕਾਂ ਵੱਲੋਂ ਉਸ ਦੇ ਗੀਤਾਂ ਅਤੇ ਸੋਸ਼ਲ ਮੀਡੀਆ ਸਮੱਗਰੀ ਨੂੰ ਲੈ ਕੇ ਇਤਰਾਜ਼ ਜਤਾਇਆ ਜਾਂਦਾ ਰਿਹਾ ਸੀ।
ਸੋਸ਼ਲ ਮੀਡੀਆ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ
ਘਟਨਾ ਤੋਂ ਬਾਅਦ ਸੋਸ਼ਲ ਮੀਡੀਆ ’ਤੇ ਇੱਕ ਪੋਸਟ ਸਾਹਮਣੇ ਆਈ ਹੈ, ਜਿਸ ਵਿੱਚ ਵਿਦੇਸ਼ ਬੈਠੇ ਗੈਂਗਸਟਰ ਗੋਲਡੀ ਢਿੱਲੋਂ ਅਤੇ ਜਗਤਾਰ ਤਰਨਤਾਰਨ ਵੱਲੋਂ ਕਥਿਤ ਤੌਰ ’ਤੇ ਹੱਤਿਆ ਦੀ ਜ਼ਿੰਮੇਵਾਰੀ ਲੈਣ ਦਾ ਦਾਅਵਾ ਕੀਤਾ ਗਿਆ ਹੈ। ਪੋਸਟ ਵਿੱਚ ਸੰਧੂ ’ਤੇ ਨਵੀਂ ਪੀੜ੍ਹੀ ਨੂੰ ਕਥਿਤ ਤੌਰ ’ਤੇ ਗਲਤ ਪ੍ਰਭਾਵਿਤ ਕਰਨ ਦੇ ਦੋਸ਼ ਲਗਾਏ ਗਏ ਹਨ।
ਪੋਸਟ ਵਿੱਚ ਸਕੂਲਾਂ ਵਿੱਚ ਉਸ ਨੂੰ ਮੁੱਖ ਮਹਿਮਾਨ ਵਜੋਂ ਬੁਲਾਉਣ ਵਾਲਿਆਂ ਨੂੰ ਵੀ ਧਮਕੀ ਦਿੱਤੀ ਗਈ ਹੈ। ਹਾਲਾਂਕਿ, ਇਸ ਪੋਸਟ ਦੀ ਪ੍ਰਮਾਣਿਕਤਾ ਅਤੇ ਇਸ ਵਿੱਚ ਕੀਤੇ ਦਾਅਵਿਆਂ ਦੀ ਪੁਲਿਸ ਵੱਲੋਂ ਅਧਿਕਾਰਤ ਪੁਸ਼ਟੀ ਹੋਣੀ ਬਾਕੀ ਹੈ।
ਪੁਲਿਸ ਵੱਲੋਂ ਮਾਮਲੇ ਦੇ ਹਰ ਪੱਖ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਕਤਲ ਦੇ ਪਿੱਛੇ ਅਸਲ ਕਾਰਨਾਂ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।
