ਹਰ ਮਹੀਨੇ ਅੰਤ੍ਰਿੰਗ ਕਮੇਟੀ ਦੀਆਂ ਇਕੱਤਰਤਾਵਾਂ ਕੀਤੀਆਂ ਜਾਣਗੀਆਂ,
ਅੰਮ੍ਰਿਤਸਰ: Major times
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਨਵੀਂ ਚੁਣੀ ਗਈ ਅੰਤ੍ਰਿੰਗ ਕਮੇਟੀ ਦੀ ਪਹਿਲੀ ਇਕੱਤਰਤਾ ਦਸੰਬਰ ਦੇ ਪਹਿਲੇ ਹਫ਼ਤੇ ਹੋਣ ਦੀ ਸੰਭਾਵਨਾ ਹੈ। ਇਹ ਮੀਟਿੰਗ 5 ਦਸੰਬਰ ਤੱਕ ਹੋ ਸਕਦੀ ਹੈ, ਜਿਸ ਦੀ ਅਗਵਾਈ ਲਗਾਤਾਰ ਛੇਵੀਂ ਵਾਰ ਪ੍ਰਧਾਨ ਚੁਣੇ ਗਏ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਕਰਨਗੇ।
ਜ਼ਿਕਰਯੋਗ ਹੈ ਕਿ 20 ਨਵੰਬਰ ਨੂੰ ਹੋਏ SGPC ਦੇ ਜਨਰਲ ਇਜਲਾਸ ਦੌਰਾਨ ਪ੍ਰਧਾਨ, ਸੀਨੀਅਰ ਮੀਤ ਪ੍ਰਧਾਨ, ਜੂਨੀਅਰ ਮੀਤ ਪ੍ਰਧਾਨ, ਜਨਰਲ ਸਕੱਤਰ ਅਤੇ ਅੰਤ੍ਰਿੰਗ ਕਮੇਟੀ ਦੇ ਮੈਂਬਰਾਂ ਦੀ ਚੋਣ ਕੀਤੀ ਗਈ ਸੀ।
ਮੀਟਿੰਗ ਦੌਰਾਨ ਗੁਰਦੁਆਰਾ ਸੈਕਸ਼ਨ-85, ਸੈਕਸ਼ਨ-87, ਧਰਮ ਪ੍ਰਚਾਰ ਕਮੇਟੀ, ਵਿਦਿਅਕ ਸੰਸਥਾਵਾਂ ਅਤੇ ਹੋਰ ਪ੍ਰਬੰਧਕੀ ਮਾਮਲਿਆਂ ਸਬੰਧੀ ਅਹਿਮ ਪ੍ਰਵਾਨਗੀਆਂ ਦਿੱਤੀਆਂ ਜਾਣਗੀਆਂ। ਇਸ ਦੇ ਨਾਲ ਹੀ ਅੰਤ੍ਰਿੰਗ ਕਮੇਟੀ ਵੱਲੋਂ ਪ੍ਰਧਾਨ ਐਡਵੋਕੇਟ ਧਾਮੀ ਨੂੰ ਵਿਸ਼ੇਸ਼ ਅਧਿਕਾਰ ਵੀ ਸੌਂਪੇ ਜਾਣ ਦੀ ਸੰਭਾਵਨਾ ਹੈ।
ਇਨ੍ਹਾਂ ਅਧਿਕਾਰਾਂ ਤਹਿਤ ਪ੍ਰਧਾਨ ਲੋੜ ਅਨੁਸਾਰ ਸਮੇਂ-ਸਮੇਂ ‘ਤੇ ਅਹਿਮ ਫੈਸਲੇ ਲੈਣ ਦੇ ਨਾਲ-ਨਾਲ ਵੱਖ-ਵੱਖ ਮਾਮਲਿਆਂ ਦੇ ਨਿਪਟਾਰੇ ਲਈ ਸਬ-ਕਮੇਟੀਆਂ ਦਾ ਗਠਨ ਵੀ ਕਰ ਸਕਣਗੇ।
ਇਸ ਤੋਂ ਇਲਾਵਾ SGPC ਦੀ ਕਾਰਜਪ੍ਰਣਾਲੀ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਹਰ ਮਹੀਨੇ ਅੰਤ੍ਰਿੰਗ ਕਮੇਟੀ ਦੀਆਂ ਇਕੱਤਰਤਾਵਾਂ ਕੀਤੀਆਂ ਜਾਣਗੀਆਂ, ਜਿਨ੍ਹਾਂ ਦੀ ਪ੍ਰਧਾਨਗੀ ਵੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਕੀਤੀ ਜਾਵੇਗੀ।
