ਅੰਮ੍ਰਿਤਸਰ। 
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪਬਲੀਕੇਸ਼ਨ ਵਿਭਾਗ ਵਿੱਚ 328 ਪਾਵਨ ਸਰੂਪਾਂ ਦੇ ਮਾਮਲੇ ਨੂੰ ਲੈ ਕੇ ਬੀਤੇ ਦਿਨੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੀਤੀ ਗਈ ਪ੍ਰੈਸ ਕਾਨਫਰੰਸ ਤੋਂ ਬਾਅਦ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਵੀ ਅਦਾਲਤਾਂ ਦੇ ਫੈਸਲਿਆਂ ਨੂੰ ਦਿਖਾਉਂਦਿਆਂ ਆਪਣਾ ਪੱਖ ਰੱਖਿਆ ਹੈ।ਐਡਵੋਕੇਟ ਧਾਮੀ ਨੇ ਕਿਹਾ ਕਿ ਅਦਾਲਤਾਂ ਵੀ ਮੁਲਾਜ਼ਮਾਂ ਵੱਲੋਂ ਕੀਤੇ ਗਏ ਕੇਸਾਂ ਦੇ ਫੈਸਲੇ ਨੂੰ ਲਿਖਦਿਆਂ ਇਹ ਮੰਨ ਚੁੱਕੀ ਹੈ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਇੱਕ ਨਿੱਜੀ ਸੰਸਥਾ ਹੈ ਤੇ ਸ਼੍ਰੋਮਣੀ ਕਮੇਟੀ ਆਪਣੇ ਸਰਵਿਸ ਰੂਲਾਂ ਮੁਤਾਬਕ ਮੁਲਾਜ਼ਮਾ ਤੇ ਕਾਰਵਾਈ ਕਰਨ ਲਈ ਸਮਰੱਥ ਹੈl ਜਿਨ੍ਹਾਂ ਮੁਲਾਜ਼ਮਾਂ ‘ਤੇ ਕਾਰਵਾਈ ਹੋਈ ਸੀ, ਉਨ੍ਹਾਂ ਨੇ ਸਥਾਨਕ ਅਤੇ ਹਾਈ ਕੋਰਟ ਤੱਕ ਪਹੁੰਚ ਕੀਤੀ ਸੀ, ਪਰ ਅਦਾਲਤਾਂ ਨੇ ਸ਼੍ਰੋਮਣੀ ਕਮੇਟੀ ਦੀ ਵਿਭਾਗੀ ਕਾਰਵਾਈ ਨੂੰ ਸਹੀ ਠਹਿਰਾਇਆ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ 2027 ਵਿੱਚ ਆਉਣ ਵਾਲੀਆਂ ਚੋਣਾਂ ਨਜ਼ਰ ਆ ਰਹੀਆਂ ਹਨ। ਉਹਨਾਂ ਕਿਹਾ ਕਿ ਮਾਨ ਨੂੰ ਇਹ ਵੀ ਨਜ਼ਰ ਆ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਉਭਰ ਕੇ ਸਾਹਮਣੇ ਆ ਰਹੀ ਹੈ ਤੇ ਉਹਨਾਂ ਤੇ ਇਹ ਦੋਸ਼ ਲਗਾਏ ਜਾ ਰਹੇ ਹਨ ਕਿ ਉਹ ਸ਼੍ਰੋਮਣੀ ਅਕਾਲੀ ਦਲ ਦਾ ਪੱਖ ਪੂਰਦੇ ਹਨ। ਉਹਨਾਂ ਕਿਹਾ ਕਿ ਮੈਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਧਾਨ ਹੋਣ ਦੇ ਨਾਲ ਨਾਲ ਸ਼੍ਰੋਮਣੀ ਅਕਾਲੀ ਦਲ ਦਾ ਇੱਕ ਨਿਮਾਣਾ ਆਗੂ ਵੀ ਹਾਂ ਮੈਂ ਹਮੇਸ਼ਾ ਸ਼੍ਰੋਮਣੀ ਕਮੇਟੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਹਿੱਤਾਂ ਦੀ ਗੱਲ ਕਰਾਂਗਾ। ਉਹਨਾਂ ਕਿਹਾ ਕਿ ਇਸ ਮਾਮਲੇ ਨੂੰ ਹੋਰ ਉਲਝਾਣਾ ਨਹੀਂ ਚਾਹੀਦਾ ਇਸ ਮਾਮਲੇ ਵਿੱਚੋਂ ਹੋਰ ਕੁਝ ਵੀ ਬਾਹਰ ਨਹੀਂ ਨਿਕਲਣ ਵਾਲਾ ਮੁਲਾਜ਼ਮਾ ਵੱਲੋਂ ਪੈਸੇ ਦੀ ਹੇਰਾਫੇਰੀ ਕੀਤੀ ਗਈ ਸੀ ਜਿਸ ਤੇ ਸ਼੍ਰੋਮਣੀ ਕਮੇਟੀ ਨੇ ਸਖਤ ਕਾਰਵਾਈ ਕੀਤੀ ਹੈ।

