ਪੁਲਿਸ ਨੇ ਡੀਜੀਪੀ ਅਤੇ ਖ਼ੁਦਕੁਸ਼ੀ ਨੋਟ ਵਿੱਚ ਦੱਸੇ ਗਏ ਹੋਰ ਅਧਿਕਾਰੀਆਂ ਵਿਰੁੱਧ ਕੇਸ ਕੀਤਾ ਦਰਜ
ਹਰਿਆਣਾ
: ਹਰਿਆਣਾ ਦੇ ਸੀਨੀਅਰ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੇ ਖ਼ੁਦਕੁਸ਼ੀ ਮਾਮਲੇ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਸੂਤਰਾਂ ਅਨੁਸਾਰ ਹਰਿਆਣਾ ਸਰਕਾਰ ਨੇ ਸੂਬੇ ਦੇ ਡੀਜੀਪੀ ਸ਼ਤਰੂਘਨ ਕਪੂਰ ਨੂੰ ਛੁੱਟੀ ‘ਤੇ ਭੇਜ ਦਿੱਤਾ ਹੈ। ਪੁਲਿਸ ਨੇ ਡੀਜੀਪੀ ਅਤੇ ਖ਼ੁਦਕੁਸ਼ੀ ਨੋਟ ਵਿੱਚ ਦੱਸੇ ਗਏ ਹੋਰ ਅਧਿਕਾਰੀਆਂ ਵਿਰੁੱਧ ਕੇਸ ਦਰਜ ਕੀਤਾ ਹੈ। ਦਰਅਸਲ, ਵਾਈ ਪੂਰਨ ਕੁਮਾਰ, ਜੋ ਕਿ 2001 ਬੈਚ ਦੇ ਆਈਪੀਐਸ ਅਧਿਕਾਰੀ ਸਨ ਅਤੇ ਰੋਹਤਕ ਦੇ ਪੁਲਿਸ ਸਿਖਲਾਈ ਕੇਂਦਰ ਵਿੱਚ ਇੰਸਪੈਕਟਰ ਜਨਰਲ ਵਜੋਂ ਤਾਇਨਾਤ ਸਨ, ਨੇ 7 ਅਕਤੂਬਰ ਨੂੰ ਖ਼ੁਦਕੁਸ਼ੀ ਕਰ ਲਈ ਸੀ। ਜਾਂਚ ਤੋਂ ਪਤਾ ਲੱਗਾ ਕਿ ਉਨ੍ਹਾਂ ਦੇ ਅੱਠ ਪੰਨਿਆਂ ਦੇ ਸੁਸਾਈਡ ਨੋਟ ਵਿੱਚ 13 ਸੀਨੀਅਰ ਅਧਿਕਾਰੀਆਂ ਦੇ ਨਾਮ ਸਨ, ਜਿਨ੍ਹਾਂ ‘ਤੇ ਉਸ ਨੇ ਪਰੇਸ਼ਾਨ ਕਰਨ ਅਤੇ ਉਸ ਦੇ ਕਰੀਅਰ ਨੂੰ ਨੁਕਸਾਨ ਪਹੁੰਚਾਉਣ ਦਾ ਦੋਸ਼ ਲਗਾਇਆ ਸੀ। ਇਸ ਮਾਮਲੇ ਦੇ ਸੰਬੰਧ ਵਿੱਚ ਸ਼ਨੀਵਾਰ ਨੂੰ ਰੋਹਤਕ ਦੇ ਸਾਬਕਾ ਐਸਪੀ ਨਰਿੰਦਰ ਬਿਜਾਰਨੀਆ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਸੀ। ਬਿਜਾਰਨੀਆ ਦੀ ਜਗ੍ਹਾ ਸੁਰਿੰਦਰ ਸਿੰਘ ਭੋਰੀਆ ਨੂੰ ਰੋਹਤਕ ਦਾ ਐਸਪੀ ਨਿਯੁਕਤ ਕੀਤਾ ਗਿਆ ਹੈ। ਬਿਜਾਰਨੀਆ ਨੂੰ ਫਿਲਹਾਲ ਕੋਈ ਅਹੁਦਾ ਨਹੀਂ ਦਿੱਤਾ ਗਿਆ ਹੈ। ਹੁਣ ਡੀਜੀਪੀ ਸ਼ਤਰੂਘਨ ਕਪੂਰ ਨੂੰ ਜਾਂਚ ਪੂਰੀ ਹੋਣ ਤੱਕ ਛੁੱਟੀ ‘ਤੇ ਭੇਜ ਦਿੱਤਾ ਗਿਆ ਹੈ। ਦੱਸ ਦੇਈਏ ਕਿ ਹਰਿਆਣਾ ਦੇ ਆਈਪੀਐਸ ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖ਼ੁਦਕੁਸ਼ੀ ਤੋਂ ਸੱਤ ਦਿਨ ਬਾਅਦ ਵੀ, ਉਨ੍ਹਾਂ ਦੇ ਪੋਸਟਮਾਰਟਮ ‘ਤੇ ਅੜਿੱਕਾ ਅਜੇ ਵੀ ਅਣਸੁਲਝਿਆ ਹੋਇਆ ਹੈ। ਮ੍ਰਿਤਕ ਅਧਿਕਾਰੀ ਦੇ ਪਰਿਵਾਰ ਲਈ ਇਨਸਾਫ਼ ਦੀ ਮੰਗ ਕਰਨ ਲਈ ਬਣਾਈ ਗਈ 31 ਮੈਂਬਰੀ ਕਮੇਟੀ ਨੇ ਰਾਜ ਦੇ ਪੁਲਿਸ ਮੁਖੀ ਸ਼ਤਰੂਘਨ ਕਪੂਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ 48 ਘੰਟੇ ਦਾ ਅਲਟੀਮੇਟਮ ਦਿੱਤਾ ਸੀ। ਪੂਰਨ ਕੁਮਾਰ ਦੇ ਪਰਿਵਾਰ ਨੇ ਕਿਹਾ ਕਿ ਉਹ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਹੋਣ ਤੱਕ ਲਾਸ਼ ਦਾ ਪੋਸਟਮਾਰਟਮ ਤੇ ਸਸਕਾਰ ਕਰਨ ਲਈ ਸਹਿਮਤ ਨਹੀਂ ਹੋਣਗੇ