ਜਲੰਧਰ: MAJOR TIMES
ਸ਼ਹਿਰ ਦੇ ਬਸਤੀ ਸ਼ੇਖ ਇਲਾਕੇ ਵਿੱਚ ਰਾਤ ਸਮੇਂ ਇੱਕ ਕਨਫੈਕਸ਼ਨਰੀ ਦੀ ਦੁਕਾਨ ਵਿੱਚ ਅਚਾਨਕ ਭਿਆਨਕ ਅੱਗ ਲੱਗ ਗਈ। ਅੱਗ ਕਾਰਨ ਦੁਕਾਨ ਅੰਦਰ ਪਿਆ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ, ਜਿਸ ਨਾਲ ਦੁਕਾਨਦਾਰ ਨੂੰ ਲੱਖਾਂ ਰੁਪਏ ਦਾ ਨੁਕਸਾਨ ਹੋਣ ਦਾ ਅੰਦਾਜ਼ਾ ਹੈ। ਘਟਨਾ ਤੋਂ ਬਾਅਦ ਪੀੜਤ ਦੁਕਾਨਦਾਰ ਸੌਰਵ ਨੇ ਫਾਇਰ ਬ੍ਰਿਗੇਡ ਦੀ ਕਾਰਜਪ੍ਰਣਾਲੀ ’ਤੇ ਸਵਾਲ ਚੁੱਕਦਿਆਂ ਦੋਸ਼ ਲਾਇਆ ਕਿ ਸੂਚਨਾ ਦੇਣ ਦੇ ਬਾਵਜੂਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਦੇਰੀ ਨਾਲ ਪਹੁੰਚੀਆਂ।ਦੁਕਾਨਦਾਰ ਸੌਰਵ ਅਨੁਸਾਰ, ਰਾਤ ਕਰੀਬ 2:30 ਤੋਂ 3 ਵਜੇ ਦੇ ਵਿਚਕਾਰ ਉਨ੍ਹਾਂ ਨੂੰ ਨਾਲ ਲੱਗਦੀ ਵਰਮਾ ਬੇਕਰੀ ਦੇ ਸਾਹਮਣੇ ਤੋਂ ਅਤੇ ਦੁਕਾਨ ’ਤੇ ਕੰਮ ਕਰਨ ਵਾਲੇ ਮੁਲਾਜ਼ਮ ਰਾਹੀਂ ਅੱਗ ਲੱਗਣ ਦੀ ਸੂਚਨਾ ਮਿਲੀ। ਇਸ ਤੋਂ ਬਾਅਦ ਉਨ੍ਹਾਂ ਨੇ ਮੌਕੇ ’ਤੇ ਪਹੁੰਚ ਕੇ ਸਥਿਤੀ ਬਾਰੇ ਜਾਣਕਾਰੀ ਹਾਸਲ ਕੀਤੀ।
ਸੌਰਵ ਨੇ ਦੱਸਿਆ ਕਿ ਇਹ ਦੁਕਾਨ ਉਨ੍ਹਾਂ ਨੇ ਆਪਣੇ ਛੋਟੇ ਭਰਾ ਨਾਲ ਮਿਲ ਕੇ 17 ਅਗਸਤ 2026 ਨੂੰ ਕਿਰਾਏ ’ਤੇ ਲਈ ਸੀ। ਦੁਕਾਨ ਵਿੱਚ ਪਿਆ ਸਾਰਾ ਸਾਮਾਨ ਅੱਗ ਦੀ ਲਪੇਟ ਵਿੱਚ ਆ ਗਿਆ ਅਤੇ ਭਾਰੀ ਨੁਕਸਾਨ ਹੋਇਆ। ਸੌਰਵ ਨੇ ਦੱਸਿਆ ਕਿ ਅੱਗ ਲੱਗਣ ਤੋਂ ਬਾਅਦ ਉਨ੍ਹਾਂ ਨੇ ਫਾਇਰ ਬ੍ਰਿਗੇਡ ਨਾਲ ਸੰਪਰਕ ਕਰਨ ਦੀ ਕਰੀਬ ਅੱਧੇ ਤੋਂ ਪੌਣੇ ਘੰਟੇ ਤੱਕ ਕੋਸ਼ਿਸ਼ ਕੀਤੀ। ਉਨ੍ਹਾਂ ਦੇ ਮੁਤਾਬਕ, ਫਾਇਰ ਬ੍ਰਿਗੇਡ ਦੀਆਂ ਗੱਡੀਆਂ ਦੇਰੀ ਨਾਲ ਮੌਕੇ ’ਤੇ ਪਹੁੰਚੀਆਂ। ਬਾਅਦ ਵਿੱਚ ਦੋ ਗੱਡੀਆਂ ਨੇ ਅੱਗ ’ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੀੜਤ ਦੁਕਾਨਦਾਰ ਅਨੁਸਾਰ, ਉਨ੍ਹਾਂ ਨੇ ਦੁਕਾਨ ਵਿੱਚ ਲਗਭਗ ਸਾਢੇ ਚਾਰ ਤੋਂ ਪੰਜ ਲੱਖ ਰੁਪਏ ਦਾ ਸਾਮਾਨ ਪਾਇਆ ਹੋਇਆ ਸੀ। ਇਸ ਤੋਂ ਇਲਾਵਾ ਦੁਕਾਨ ਲੈਣ ਲਈ 6 ਲੱਖ 80 ਹਜ਼ਾਰ ਰੁਪਏ ਦੀ ਅਦਾਇਗੀ ਵੀ ਕੀਤੀ ਸੀ।
ਉਨ੍ਹਾਂ ਦੱਸਿਆ ਕਿ ਦੁਕਾਨ ‘ਭੋਲਾ ਮਿਲਕ ਬਾਰ ਐਂਡ ਕਨਫੈਕਸ਼ਨਰੀ’ ਦੇ ਨਾਂ ’ਤੇ ਹੈ ਅਤੇ ਦੁਕਾਨ ਨੰਬਰ 2 ਤੇ 3 ਸਬੰਧੀ ਕਿਰਾਏ ਦਾ ਐਗਰੀਮੈਂਟ ਵੀ ਉਨ੍ਹਾਂ ਕੋਲ ਮੌਜੂਦ ਹੈ। ਅੱਗ ਕਾਰਨ ਹੋਏ ਨੁਕਸਾਨ ਨਾਲ ਉਨ੍ਹਾਂ ਨੂੰ ਵੱਡੀ ਆਰਥਿਕ ਮਾਰ ਪਈ ਹੈ।
ਸੌਰਵ ਮੁਤਾਬਕ, ਫਾਇਰ ਬ੍ਰਿਗੇਡ ਵੱਲੋਂ ਮੁੱਢਲੇ ਤੌਰ ’ਤੇ ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਹਾਲਾਂਕਿ, ਅੱਗ ਲੱਗਣ ਦੇ ਅਸਲ ਕਾਰਨਾਂ ਦੀ ਪੁਸ਼ਟੀ ਪੁਲਿਸ ਅਤੇ ਪ੍ਰਸ਼ਾਸਨਿਕ ਜਾਂਚ ਤੋਂ ਬਾਅਦ ਹੀ ਹੋ ਸਕੇਗੀ।
ਫਿਲਹਾਲ ਇਸ ਘਟਨਾ ਵਿੱਚ ਹੋਏ ਨੁਕਸਾਨ ਅਤੇ ਅੱਗ ਲੱਗਣ ਦੇ ਸਹੀ ਕਾਰਨਾਂ ਬਾਰੇ ਅਧਿਕਾਰਤ ਜਾਂਚ ਦੇ ਨਤੀਜਿਆਂ ਦੀ ਉਡੀਕ ਹੈ।
