ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਸਾਲ 2018 ਤੋਂ 2021 ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ
ਜਲੰਧਰ Major Times

ਸੀਨੀਅਰ ਆਈਪੀਐੱਸ ਅਧਿਕਾਰੀ ਗੁਰਪ੍ਰੀਤ ਸਿੰਘ ਭੁੱਲਰ ਨੇ ਜਲੰਧਰ ਦੇ ਨਵੇਂ ਪੁਲਿਸ ਕਮਿਸ਼ਨਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਤੋਂ ਪਹਿਲਾਂ ਉਹ ਅੰਮ੍ਰਿਤਸਰ ਵਿਖੇ ਆਈਜੀ ਬਾਰਡਰ ਰੇਂਜ ਵਜੋਂ ਸੇਵਾਵਾਂ ਨਿਭਾ ਰਹੇ ਸਨ। ਉਨ੍ਹਾਂ ਦੀ ਜਲੰਧਰ ਵਾਪਸੀ ਨੂੰ ਪੁਲਿਸ ਪ੍ਰਸ਼ਾਸਨ ਲਈ ਅਹਿਮ ਮੰਨਿਆ ਜਾ ਰਿਹਾ ਹੈ।
ਪੁਲਿਸ ਕਮਿਸ਼ਨਰੇਟ ਪਹੁੰਚਣ ‘ਤੇ ਉਨ੍ਹਾਂ ਨੂੰ ਪੁਲਿਸ ਗਾਰਡ ਆਫ਼ ਆਨਰ ਦਿੱਤਾ ਗਿਆ। ਇਸ ਉਪਰੰਤ ਉਨ੍ਹਾਂ ਨੇ ਅਹੁਦਾ ਸੰਭਾਲਣ ਸਬੰਧੀ ਰਸਮੀ ਕਾਰਵਾਈ ਪੂਰੀ ਕੀਤੀ। ਇਸ ਮੌਕੇ ਪੁਲਿਸ ਵਿਭਾਗ ਦੇ ਸੀਨੀਅਰ ਅਤੇ ਹੋਰ ਅਧਿਕਾਰੀਆਂ ਵੱਲੋਂ ਉਨ੍ਹਾਂ ਦਾ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਤੋਂ ਬਾਅਦ ਪੁਲਿਸ ਕਮਿਸ਼ਨਰ ਨੇ ਕਮਿਸ਼ਨਰੇਟ ਦੇ ਏਡੀਸੀਪੀਜ਼, ਏਸੀਪੀਜ਼ ਅਤੇ ਐੱਸਐੱਚਓਜ਼ ਨਾਲ ਮੀਟਿੰਗ ਕਰਕੇ ਸ਼ਹਿਰ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ। ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਅਪਰਾਧਿਕ ਗਤੀਵਿਧੀਆਂ ਨੂੰ ਕਿਸੇ ਵੀ ਕੀਮਤ ‘ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸੜਕੀ ਅਪਰਾਧਾਂ, ਨਸ਼ਾ ਤਸਕਰੀ ਅਤੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਵੀ ਦਿੱਤੇ।
ਜ਼ਿਕਰਯੋਗ ਹੈ ਕਿ ਗੁਰਪ੍ਰੀਤ ਸਿੰਘ ਭੁੱਲਰ ਇਸ ਤੋਂ ਪਹਿਲਾਂ ਵੀ ਸਾਲ 2018 ਤੋਂ 2021 ਤੱਕ ਜਲੰਧਰ ਦੇ ਪੁਲਿਸ ਕਮਿਸ਼ਨਰ ਰਹਿ ਚੁੱਕੇ ਹਨ। ਇਸ ਕਾਰਨ ਉਹ ਸ਼ਹਿਰ ਦੀਆਂ ਸਮੱਸਿਆਵਾਂ ਅਤੇ ਪੁਲਿਸ ਪ੍ਰਸ਼ਾਸਨ ਦੇ ਕੰਮਕਾਜ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਆਪਣੇ ਪੁਲਿਸ ਕਰੀਅਰ ਦੌਰਾਨ ਉਹ ਲੁਧਿਆਣਾ ਅਤੇ ਅੰਮ੍ਰਿਤਸਰ ਦੇ ਪੁਲਿਸ ਕਮਿਸ਼ਨਰ ਸਮੇਤ ਐਂਟੀ-ਗੈਂਗਸਟਰ ਟਾਸਕ ਫੋਰਸ ਦੇ ਡੀਆਈਜੀ ਅਤੇ ਰੂਪਨਗਰ ਰੇਂਜ ਦੇ ਡੀਆਈਜੀ ਵਰਗੇ ਅਹਿਮ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਇਸ ਤੋਂ ਇਲਾਵਾ ਮੋਹਾਲੀ, ਬਠਿੰਡਾ, ਮੋਗਾ ਅਤੇ ਰੂਪਨਗਰ ਵਿੱਚ ਐੱਸਐੱਸਪੀ ਵਜੋਂ ਵੀ ਕੰਮ ਕੀਤਾ ਹੈ।
ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਦੇਖਦਿਆਂ ਉਨ੍ਹਾਂ ਨੂੰ ਰਾਸ਼ਟਰਪਤੀ ਪੁਲਿਸ ਮੈਡਲ ਫਾਰ ਗੈਲੈਂਟਰੀ, ਪੁਲਿਸ ਮੈਡਲ ਫਾਰ ਮੈਰੀਟੋਰੀਅਸ ਸਰਵਿਸ ਅਤੇ ਕੇਂਦਰੀ ਗ੍ਰਹਿ ਮੰਤਰੀ ਦੇ ਵਿਸ਼ੇਸ਼ ਆਪ੍ਰੇਸ਼ਨ ਮੈਡਲ ਨਾਲ ਸਨਮਾਨਿਤ ਕੀਤਾ ਜਾ ਚੁੱਕਾ ਹੈ। ਉਨ੍ਹਾਂ ਦੇ ਅਹੁਦਾ ਸੰਭਾਲਣ ਨਾਲ ਜਲੰਧਰ ਵਿੱਚ ਅਪਰਾਧਾਂ ‘ਤੇ ਨਕੇਲ ਕੱਸਣ ਅਤੇ ਸੁਰੱਖਿਆ ਪ੍ਰਬੰਧ ਮਜ਼ਬੂਤ ਕਰਨ ਦੀ ਉਮੀਦ ਜਤਾਈ ਜਾ ਰਹੀ ਹੈ।
