ਤੁਰੰਤ ਰਾਸ਼ੀ ਜਾਰੀ ਕਰਨ ਦੀ ਕੀਤੀ ਮੰਗ
ਜਲੰਧਰ: Major Times

ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸਾਬਕਾ ਰਾਜ ਸਭਾ ਮੈਂਬਰ ਅਵਿਨਾਸ਼ ਰਾਏ ਖੰਨਾ ਨੇ ਫਗਵਾੜਾ ਖੰਡ ਮਿੱਲ ਨਾਲ ਜੁੜੇ ਗੰਨਾ ਕਾਸ਼ਤਕਾਰਾਂ ਦੀ ਬਕਾਇਆ ਅਦਾਇਗੀ ਨੂੰ ਲੈ ਕੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ’ਤੇ ਤਿੱਖਾ ਹਮਲਾ ਕੀਤਾ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀ ਫ਼ਸਲ ਦੀ ਮਿਹਨਤ ਦੀ ਕਮਾਈ ਲੈਣ ਲਈ ਸੜਕਾਂ ’ਤੇ ਉਤਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ, ਜੋ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਖੜ੍ਹੇ ਕਰਦਾ ਹੈ।
ਖੰਨਾ ਨੇ ਦੱਸਿਆ ਕਿ ਫਗਵਾੜਾ ਸ਼ੂਗਰ ਮਿੱਲ ਵੱਲ ਕਿਸਾਨਾਂ ਦੇ ਕਰੀਬ 27.84 ਕਰੋੜ ਰੁਪਏ ਬਕਾਇਆ ਹਨ, ਜਦਕਿ ਸਰਕਾਰ ਵੱਲੋਂ ਵੀ ਲਗਭਗ 18.93 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾਣੀ ਬਾਕੀ ਹੈ। ਉਨ੍ਹਾਂ ਇਸ ਸਥਿਤੀ ਨੂੰ ਗੰਭੀਰ ਕਰਾਰ ਦਿੰਦਿਆਂ ਕਿਹਾ ਕਿ ਕਿਸਾਨਾਂ ਵੱਲੋਂ 26 ਨਵੰਬਰ ਨੂੰ ਦਿੱਲੀ-ਅੰਮ੍ਰਿਤਸਰ ਕੌਮੀ ਮਾਰਗ ਜਾਮ ਕਰਨ ਦੀ ਚਿਤਾਵਨੀ ਦੇਣਾ ਸਰਕਾਰ ਦੀ ਨਾਕਾਮੀ ਨੂੰ ਦਰਸਾਉਂਦਾ ਹੈ।
ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਕਿਸਾਨਾਂ ਦੀ ਆਰਥਿਕ ਹਾਲਤ ਸੁਧਾਰਨ ਅਤੇ ਉਨ੍ਹਾਂ ਦੀਆਂ ਮੁਸ਼ਕਲਾਂ ਦੂਰ ਕਰਨ ਦੇ ਕਈ ਵਾਅਦੇ ਕੀਤੇ ਸਨ, ਪਰ ਅੱਜ ਕਿਸਾਨ ਆਪਣੀ ਫ਼ਸਲ ਦੀ ਅਦਾਇਗੀ ਲਈ ਉਡੀਕ ਕਰ ਰਹੇ ਹਨ। ਸਰਕਾਰ ਵੱਲੋਂ ਕੀਤੀਆਂ ਜਾ ਰਹੀਆਂ ਮੀਟਿੰਗਾਂ ਅਤੇ ਦਿੱਤੇ ਜਾ ਰਹੇ ਭਰੋਸਿਆਂ ਨਾਲ ਕਿਸਾਨਾਂ ਦੀਆਂ ਸਮੱਸਿਆਵਾਂ ਹੱਲ ਨਹੀਂ ਹੋਣਗੀਆਂ।
ਅਵਿਨਾਸ਼ ਰਾਏ ਖੰਨਾ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਪੀਲ ਕੀਤੀ ਕਿ ਗੰਨਾ ਉਤਪਾਦਕ ਕਿਸਾਨਾਂ ਦੀ ਬਕਾਇਆ ਰਾਸ਼ੀ ਬਿਨਾਂ ਕਿਸੇ ਹੋਰ ਦੇਰੀ ਦੇ ਜਾਰੀ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਸੰਘਰਸ਼ ਕਰਨ ਲਈ ਮਜਬੂਰ ਕਰਨ ਦੀ ਬਜਾਏ ਸਰਕਾਰ ਨੂੰ ਆਪਣੀ ਜ਼ਿੰਮੇਵਾਰੀ ਸਮਝਦਿਆਂ ਉਨ੍ਹਾਂ ਨੂੰ ਬਣਦਾ ਹੱਕ ਦੇਣਾ ਚਾਹੀਦਾ ਹੈ।
