ਬੂਥ ਲੈਵਲ ਅਫ਼ਸਰਾਂ ਦੇ ਕੰਮਕਾਜ ਦਾ ਲਿਆ ਜਾਇਜ਼ਾ, ਯੋਗ ਵਿਅਕਤੀਆਂ ਦੀ ਵੋਟ ਬਣਾਉਣ ’ਤੇ ਦਿੱਤਾ ਜ਼ੋਰ
ਜਲੰਧਰ,major Times

: ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਯੋਗਤਾ ਮਿਤੀ 1 ਜਨਵਰੀ 2027 ਦੇ ਆਧਾਰ ’ਤੇ ਚੱਲ ਰਹੀ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਡਵੀਜ਼ਨਲ ਕਮਿਸ਼ਨਰ ਜਲੰਧਰ-ਕਮ-ਰੋਲ ਆਬਜ਼ਰਵਰ ਸ਼੍ਰੀ ਰਾਮਵੀਰ ਸਿੰਘ ਆਈ.ਏ.ਐਸ. ਵੱਲੋਂ ਅੱਜ ਜ਼ਿਲ੍ਹਾ ਜਲੰਧਰ ਦੇ ਵੱਖ-ਵੱਖ ਵਿਧਾਨ ਸਭਾ ਹਲਕਿਆਂ ਵਿੱਚ ਪੈਂਦੇ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਗਿਆ।
ਆਪਣੇ ਦੌਰੇ ਦੌਰਾਨ ਡਵੀਜ਼ਨਲ ਕਮਿਸ਼ਨਰ ਨੇ ਵਿਧਾਨ ਸਭਾ ਚੋਣ ਹਲਕਾ 36-ਜਲੰਧਰ ਉੱਤਰੀ ਅਤੇ 38-ਆਦਮਪੁਰ ਦੇ ਵੱਖ-ਵੱਖ ਪੋਲਿੰਗ ਬੂਥਾਂ ਦਾ ਨਿਰੀਖਣ ਕੀਤਾ ਅਤੇ ਪੋਲਿੰਗ ਬੂਥਾਂ ’ਤੇ ਮੌਜੂਦ ਸੁਪਰਵਾਈਜ਼ਰਾਂ ਅਤੇ ਬੂਥ ਲੈਵਲ ਅਫ਼ਸਰਾਂ ਵੱਲੋਂ ਵੋਟਰ ਸੂਚੀਆਂ ’ਤੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਕੀਤੇ ਜਾ ਰਹੇ ਕੰਮ ਦਾ ਜਾਇਜ਼ਾ ਲਿਆ। ਉਨ੍ਹਾਂ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟ ਬਣਾਉਣ ਤੋਂ ਰਹਿ ਗਏ ਵਿਅਕਤੀਆਂ ਅਤੇ ਯੋਗਤਾ ਮਿਤੀ 1 ਜਨਵਰੀ 2027 ਨੂੰ 18 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਨੌਜਵਾਨਾਂ ਦੀ ਵੋਟ ਬਣਾਉਣ ’ਤੇ ਵਿਸ਼ੇਸ਼ ਜ਼ੋਰ ਦਿੱਤਾ।
ਉਨ੍ਹਾਂ ਦੱਸਿਆ ਕਿ ਵੋਟਰਾਂ ਦੀ ਸਹੂਲਤ ਲਈ 22 ਨਵੰਬਰ ਨੂੰ ਜ਼ਿਲ੍ਹੇ ਦੇ ਸਮੂਹ ਪੋਲਿੰਗ ਬੂਥਾਂ ’ਤੇ ਸਵੇਰੇ 10 ਵਜੇ ਤੋਂ ਸ਼ਾਮ 4 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ, ਜਿਸ ਦੌਰਾਨ ਬੂਥ ਲੈਵਲ ਅਫ਼ਸਰ ਆਪਣੇ-ਆਪਣੇ ਪੋਲਿੰਗ ਬੂਥਾਂ ’ਤੇ ਮੌਜੂਦ ਰਹਿ ਕੇ ਦਾਅਵੇ ਤੇ ਇਤਰਾਜ਼ਾਂ ਸਬੰਧੀ ਫਾਰਮ ਪ੍ਰਾਪਤ ਕਰਨਗੇ।
ਡਵੀਜ਼ਨਲ ਕਮਿਸ਼ਨਰ ਨੇ ਜ਼ਿਲ੍ਹੇ ਦੇ ਸਮੂਹ ਯੋਗ ਨਾਗਰਿਕਾਂ ਨੂੰ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਵੋਟਰ ਸੂਚੀਆਂ ਵਿੱਚ ਆਪਣੇ ਵੇਰਵਿਆਂ ਦੀ ਜਾਂਚ ਕਰਕੇ ਲੋੜੀਂਦੀ ਪ੍ਰਕਿਰਿਆ ਯਕੀਨੀ ਬਣਾਉਣ ਦੀ ਅਪੀਲ ਕੀਤੀ।
ਉਨ੍ਹਾਂ ਨੇ ਦੱਸਿਆ ਕਿ ਭਾਰਤ ਚੋਣ ਕਮਿਸ਼ਨ ਵੱਲੋਂ ਟੋਲ ਫ੍ਰੀ ਨੰਬਰ 1950 ਜਾਰੀ ਕੀਤਾ ਗਿਆ ਹੈ, ਜਿਸ ’ਤੇ ਕੋਈ ਵੀ ਵੋਟਰ/ਵਿਅਕਤੀ ਆਪਣੀ ਵੋਟ ਸਬੰਧੀ ਜਾਣਕਾਰੀ ਪ੍ਰਾਪਤ ਕਰਨ ਲਈ ਸੰਪਰਕ ਕਰ ਸਕਦਾ ਹੈ। ਇਸ ਮੌਕੇ ਚੋਣ ਤਹਿਸੀਲਦਾਰ ਜਸਪ੍ਰੀਤ ਸਿੰਘ ਅਤੇ ਜ਼ਿਲ੍ਹਾ ਚੋਣ ਦਫ਼ਤਰ ਦਾ ਸਟਾਫ਼ ਵੀ ਮੌਜੂਦ ਸੀ।
