ਖਾਲਸਾਈ ਜਾਹੋ-ਜਲਾਲ ਨਾਲ ਦਿੱਤਾ ਵਾਤਾਵਰਨ ਸੰਭਾਲ ਤੇ ਸਮਾਜਿਕ ਸੁਧਾਰ ਦਾ ਸੰਦੇਸ਼
ਜਲੰਧਰ Majr Times

: ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਜਲੰਧਰ ਸ਼ਹਿਰ ਵਿੱਚ ਵਿਸ਼ਾਲ ਨਗਰ ਕੀਰਤਨ ਸ਼ਰਧਾ, ਉਤਸ਼ਾਹ ਅਤੇ ਖਾਲਸਾਈ ਜਾਹੋ-ਜਲਾਲ ਨਾਲ ਸਜਾਇਆ ਗਿਆ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਜਾਏ ਗਏ ਇਸ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਸ਼ਮੂਲੀਅਤ ਕਰਕੇ ਗੁਰੂ ਸਾਹਿਬ ਪ੍ਰਤੀ ਆਪਣੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਫੁੱਲਾਂ ਨਾਲ ਸਜੀ ਪਾਲਕੀ ਸਾਹਿਬ ਦੇ ਦਰਸ਼ਨ ਕਰਨ ਲਈ ਵੱਖ-ਵੱਖ ਥਾਵਾਂ ’ਤੇ ਸੰਗਤਾਂ ਦਾ ਭਾਰੀ ਇਕੱਠ ਦੇਖਣ ਨੂੰ ਮਿਲਿਆ। ਰਸਤੇ ਭਰ ਸੰਗਤਾਂ ਵੱਲੋਂ ਗੁਰਬਾਣੀ ਕੀਰਤਨ ਅਤੇ ਸਤਿਨਾਮ ਵਾਹਿਗੁਰੂ ਦਾ ਜਾਪ ਕੀਤਾ ਗਿਆ।
ਨਗਰ ਕੀਰਤਨ ਦੇ ਸਵਾਗਤ ਲਈ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ, ਦੁਕਾਨਦਾਰਾਂ, ਵਪਾਰਕ ਐਸੋਸੀਏਸ਼ਨਾਂ ਅਤੇ ਧਾਰਮਿਕ ਜਥੇਬੰਦੀਆਂ ਵੱਲੋਂ ਵਿਸ਼ੇਸ਼ ਪ੍ਰਬੰਧ ਕੀਤੇ ਗਏ। ਸੰਗਤਾਂ ਲਈ ਥਾਂ-ਥਾਂ ਲੰਗਰ ਅਤੇ ਹੋਰ ਸੇਵਾਵਾਂ ਦਾ ਪ੍ਰਬੰਧ ਕੀਤਾ ਗਿਆ। ਗੱਤਕਾ ਪਾਰਟੀਆਂ ਵੱਲੋਂ ਸਿੱਖ ਮਾਰਸ਼ਲ ਆਰਟ ਦੇ ਸ਼ਾਨਦਾਰ ਜੌਹਰ ਦਿਖਾਏ ਗਏ, ਜਦਕਿ ਸਕੂਲੀ ਬੱਚਿਆਂ ਨੇ ਬੈਂਡ ਵਾਜਿਆਂ ਨਾਲ ਨਗਰ ਕੀਰਤਨ ਦੀ ਸ਼ੋਭਾ ਵਧਾਈ।
ਇਸ ਵਾਰ ਨਗਰ ਕੀਰਤਨ ਦਾ ਵਿਸ਼ੇਸ਼ ਆਕਰਸ਼ਣ ਵਾਤਾਵਰਨ ਦੀ ਸੰਭਾਲ ਅਤੇ ਸਮਾਜਿਕ ਜਾਗਰੂਕਤਾ ਨੂੰ ਸਮਰਪਿਤ ਪ੍ਰਦਰਸ਼ਨੀਆਂ ਅਤੇ ਮਾਡਲ ਰਹੇ। ਪ੍ਰਬੰਧਕ ਕਮੇਟੀ ਵੱਲੋਂ ਤਿਆਰ ਕੀਤੇ ਗਏ ਮਾਡਲਾਂ ਰਾਹੀਂ ਮਹਾਰਾਜਾ ਰਣਜੀਤ ਸਿੰਘ ਦੇ ਖਾਲਸਾ ਰਾਜ ਤੋਂ ਲੈ ਕੇ ਅਜੋਕੇ ਸਮੇਂ ਤੱਕ ਦੇ ਇਤਿਹਾਸਕ ਪੱਖਾਂ ਅਤੇ ਸਿੱਖ ਕੌਮ ਦੀਆਂ ਪ੍ਰਾਪਤੀਆਂ ਨੂੰ ਦਰਸਾਇਆ ਗਿਆ। ਇਸ ਦੇ ਨਾਲ ਹੀ ਵਾਤਾਵਰਨ ਦੀ ਸਾਂਭ-ਸੰਭਾਲ ਅਤੇ ਗੁਰੂ ਨਾਨਕ ਦੇਵ ਜੀ ਦੇ ਕੁਦਰਤ ਪ੍ਰਤੀ ਸੰਦੇਸ਼ ਨੂੰ ਵੀ ਵਿਸ਼ੇਸ਼ ਤੌਰ ’ਤੇ ਉਜਾਗਰ ਕੀਤਾ ਗਿਆ।
ਸੰਗਤਾਂ ਦੀ ਸਹੂਲਤ ਲਈ ਈ-ਰਿਕਸ਼ਿਆਂ ਦਾ ਪ੍ਰਬੰਧ ਕੀਤਾ ਗਿਆ, ਜਿਨ੍ਹਾਂ ਰਾਹੀਂ ਨਸ਼ਿਆਂ ਤੋਂ ਦੂਰ ਰਹਿਣ, ਸਮਾਜਿਕ ਕੁਰੀਤੀਆਂ ਖ਼ਤਮ ਕਰਨ, ਸੇਵਾ ਭਾਵਨਾ ਅਪਣਾਉਣ ਅਤੇ ਬਜ਼ੁਰਗਾਂ ਦਾ ਸਤਿਕਾਰ ਕਰਨ ਸਮੇਤ ਲਗਭਗ 20 ਸਮਾਜਿਕ ਸੰਦੇਸ਼ ਲੋਕਾਂ ਤੱਕ ਪਹੁੰਚਾਏ ਗਏ। ਨਗਰ ਕੀਰਤਨ ਦੌਰਾਨ ਭਾਈ ਸਹਿਜਦੀਪ ਸਿੰਘ, ਭਾਈ ਪ੍ਰਿੰਸਪਾਲ ਸਿੰਘ, ਭਾਈ ਮਨਸੰਜਮ ਸਿੰਘ ਅਤੇ ਭਾਈ ਜਸਪਾਲ ਸਿੰਘ ਵੱਲੋਂ ਕੀਰਤਨ ਦੀ ਸੇਵਾ ਨਿਭਾਈ ਗਈ।
ਇਸ ਮੌਕੇ ਬਾਬਾ ਜੀਤ ਸਿੰਘ ਨਿਰਮਲ ਕੁਟੀਆ ਜੌਹਲਾਂ, ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲੇ, ਬਾਬਾ ਜੋਗਾ ਸਿੰਘ ਸਮਾਧ ਬਾਬਾ ਨੋਧ ਸਿੰਘ, ਬਾਬਾ ਹਰਜੀਤ ਸਿੰਘ ਮਹਿਤਾ ਚੌਕ, ਬਾਬਾ ਅਮਰੀਕ ਸਿੰਘ ਖੁਖਰੇਨ, ਭਾਈ ਦਿਲਬਾਗ ਸਿੰਘ ਸੁਲਤਾਨਪੁਰ, ਬੀਬੀ ਸੁਖਵਿੰਦਰ ਕੌਰ ਬਸ਼ੀਰਪੁਰਾ, ਬਾਬਾ ਭਗਵਾਨ ਸਿੰਘ ਸੰਤਗੜ੍ਹ, ਬਾਬਾ ਲਾਲ ਸਿੰਘ ਪਿੱਹੋਵੇ ਵਾਲੇ ਅਤੇ ਬਾਬਾ ਗੁਰਿੰਦਰ ਸਿੰਘ ਨਿਰਮਲ ਕੁਟੀਆ ਵਾਲੇ ਸਮੇਤ ਕਈ ਧਾਰਮਿਕ ਸ਼ਖ਼ਸੀਅਤਾਂ ਅਤੇ ਨਿਹੰਗ ਸਿੰਘ ਜਥੇਬੰਦੀਆਂ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਪਹੁੰਚੇ। ਪ੍ਰਬੰਧਕਾਂ ਵੱਲੋਂ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਅਰਦਾਸੀਏ ਸਿੰਘ ਸਾਹਿਬ ਗਿਆਨੀ ਪ੍ਰੇਮ ਸਿੰਘ ਨੇ ਵੀ ਨਗਰ ਕੀਰਤਨ ਵਿੱਚ ਸ਼ਮੂਲੀਅਤ ਕਰਦਿਆਂ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ। ਇਸ ਮੌਕੇ ਭਾਈ ਗੁਰਦਿਆਲ ਸਿੰਘ ਕਾਲਰਾ, ਸਿੱਖ ਵਿਦਵਾਨ ਗਿਆਨੀ ਭਗਵਾਨ ਸਿੰਘ ਜੌਹਲ ਅਤੇ ਹੋਰ ਧਾਰਮਿਕ ਤੇ ਰਾਜਨੀਤਿਕ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ ਗਿਆ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਢਾਡੀ ਜਥੇ ਵੱਲੋਂ ਢਾਡੀ ਵਾਰਾਂ ਪੇਸ਼ ਕੀਤੀਆਂ ਗਈਆਂ ਅਤੇ ਬੀਬੀ ਤ੍ਰਿਲੋਚਨ ਕੌਰ ਪ੍ਰਚਾਰਕ ਵੱਲੋਂ ਸੰਗਤਾਂ ਨੂੰ ਸਿੱਖ ਇਤਿਹਾਸ ਨਾਲ ਜੋੜਿਆ ਗਿਆ।
ਜਥੇਦਾਰ ਕੁਲਵੰਤ ਸਿੰਘ ਮੰਨਣ, ਮੁੱਖ ਸਕੱਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਜਥੇਦਾਰ ਜਗਜੀਤ ਸਿੰਘ ਗਾਬਾ, ਪਰਮਿੰਦਰ ਸਿੰਘ ਦਸ਼ਮੇਸ਼ ਨਗਰ, ਜਨਰਲ ਸਕੱਤਰ ਗੁਰਮੀਤ ਸਿੰਘ ਬਿੱਟੂ ਅਤੇ ਦਵਿੰਦਰ ਸਿੰਘ ਰਿਆਤ ਸਮੇਤ ਕਈ ਸ਼ਖ਼ਸੀਅਤਾਂ ਨੇ ਪ੍ਰਬੰਧਾਂ ਵਿੱਚ ਅਹਿਮ ਸੇਵਾਵਾਂ ਨਿਭਾਈਆਂ।
ਜ਼ਿਲ੍ਹਾ ਅਕਾਲੀ ਦਲ ਜਲੰਧਰ ਸ਼ਹਿਰੀ ਵੱਲੋਂ ਇਕਬਾਲ ਸਿੰਘ ਢੀਂਡਸਾ ਦੀ ਅਗਵਾਈ ਹੇਠ ਨਗਰ ਕੀਰਤਨ ਦਾ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਲਕੀ, ਪੰਜ ਘੋੜਸਵਾਰ ਨਿਸ਼ਾਨਚੀ ਸਿੰਘਾਂ, ਪੰਜ ਪਿਆਰਿਆਂ ਅਤੇ ਸੰਗਤਾਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ। ਸਾਰੀਆਂ ਰਾਜਨੀਤਿਕ ਪਾਰਟੀਆਂ ਦੇ ਨੁਮਾਇੰਦਿਆਂ ਨੇ ਵੀ ਪਾਲਕੀ ਸਾਹਿਬ ਅੱਗੇ ਨਤਮਸਤਕ ਹੋ ਕੇ ਗੁਰੂ ਸਾਹਿਬ ਦਾ ਅਸ਼ੀਰਵਾਦ ਪ੍ਰਾਪਤ ਕੀਤਾ।
ਇਸੇ ਤਰ੍ਹਾਂ 350 ਸਾਲਾ ਸ਼ਤਾਬਦੀ ਪ੍ਰਬੰਧਕ ਕਮੇਟੀ ਜਲੰਧਰ ਵੱਲੋਂ ਜਥੇਦਾਰ ਕੁਲਵੰਤ ਸਿੰਘ ਮੰਨਣ ਦੀ ਅਗਵਾਈ ਹੇਠ ਵਿਸ਼ੇਸ਼ ਸਟੇਜ ਲਗਾ ਕੇ ਨਗਰ ਕੀਰਤਨ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ। ਪਾਲਕੀ ਸਾਹਿਬ ਅਤੇ ਪੰਜ ਪਿਆਰਿਆਂ ਉੱਤੇ ਫੁੱਲਾਂ ਦੀ ਵਰਖਾ ਕੀਤੀ ਗਈ ਅਤੇ ਸੰਗਤਾਂ ਲਈ ਗੁਰੂ ਕਾ ਲੰਗਰ ਵਰਤਾਇਆ ਗਿਆ। ਇਸ ਮੌਕੇ ਜਥੇਦਾਰ ਕੁਲਵੰਤ ਸਿੰਘ ਮੰਨਣ ਵੱਲੋਂ ਹਰਿੰਦਰ ਸਿੰਘ ਢੀਂਡਸਾ, ਜਥੇਦਾਰ ਜਗਜੀਤ ਸਿੰਘ ਗਾਬਾ, ਗੁਰਕਿਰਪਾਲ ਸਿੰਘ ਬਸਤੀ ਸ਼ੇਖ, ਚਰਨਜੀਤ ਸਿੰਘ ਲਾਲੀ, ਗੁਰਜੀਤ ਸਿੰਘ ਮਰਵਾਹਾ, ਰਣਜੀਤ ਸਿੰਘ ਰਾਣਾ, ਕਰਤਾਰ ਸਿੰਘ ਬਿੱਲਾ, ਗੁਰਸੇਵਕ ਸਿੰਘ ਹੀਰਾ ਅਤੇ ਹੋਰ ਪ੍ਰਬੰਧਕਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ।
ਦੂਜੇ ਪਾਸੇ ਸਿੱਖ ਤਾਲਮੇਲ ਕਮੇਟੀ ਵੱਲੋਂ ਪੁਲੀ ਅਲੀ ਮੁਹੱਲੇ ਵਿਖੇ ਨਗਰ ਕੀਰਤਨ ਵਿੱਚ ਸ਼ਾਮਲ ਸੰਗਤਾਂ ਲਈ ਵੱਖ-ਵੱਖ ਪਦਾਰਥਾਂ ਦੇ ਲੰਗਰ ਲਗਾਏ ਗਏ। ਇਸ ਮੌਕੇ ਜਥੇਦਾਰ ਜਗਦੇਵ ਸਿੰਘ ਤਲਵੰਡੀ ਦੀ ਸਪੁੱਤਰੀ ਹਰਜੀਤ ਕੌਰ ਤਲਵੰਡੀ, ਪ੍ਰਧਾਨ ਇਸਤਰੀ ਵਿੰਗ ਅਕਾਲੀ ਦਲ ਪੁਨਰ ਸੁਰਜੀਤ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ। ਉਨ੍ਹਾਂ ਦੇ ਨਾਲ ਮੋਹਿੰਦਰ ਪਾਲ ਸਿੰਘ ਬਿਨਾਕਾ ਅਤੇ ਹਰਿੰਦਰ ਜੀਤ ਕੌਰ ਚਟਕਾਰਾ ਵੀ ਮੌਜੂਦ ਸਨ।
ਇਸ ਮੌਕੇ ਤਜਿੰਦਰ ਸਿੰਘ ਪਰਦੇਸੀ, ਹਰਪਾਲ ਸਿੰਘ ਚੱਢਾ ਅਤੇ ਹਰਪ੍ਰੀਤ ਸਿੰਘ ਨੀਟੂ ਵੱਲੋਂ ਲੰਗਰ ਦੀ ਸੇਵਾ ਕਰਨ ਵਾਲੀਆਂ ਸੰਗਤਾਂ ਦਾ ਸਨਮਾਨ ਕੀਤਾ ਗਿਆ। ਇਸ ਸਮਾਗਮ ਵਿੱਚ ਗੁਰਵਿੰਦਰ ਸਿੰਘ ਨਾਗੀ, ਚਰਨ ਸਿੰਘ ਮੁੱਖ ਸੇਵਾਦਾਰ ਗੁਰਦੁਆਰਾ ਮਕਸੂਦਾਂ, ਹਰਵਿੰਦਰ ਸਿੰਘ ਚਿਟਕਾਰਾ, ਮਨਮਿੰਦਰ ਸਿੰਘ ਭਾਟੀਆ, ਤਜਿੰਦਰ ਸਿੰਘ ਭਾਟੀਆ, ਹਰਪਾਲ ਸਿੰਘ ਪਾਲੀ ਚੱਢਾ, ਅਰਵਿੰਦਰ ਪਾਲ ਸਿੰਘ ਬਬਲੂ ਅਤੇ ਰਾਜਪਾਲ ਸਿੰਘ ਸਮੇਤ ਹੋਰ ਸ਼ਖ਼ਸੀਅਤਾਂ ਹਾਜ਼ਰ ਸਨ।
ਇਸ ਤੋਂ ਇਲਾਵਾ ਸਮਾਗਮ ਵਿੱਚ ਮਨਿੰਦਰਪਾਲ ਸਿੰਘ ਗੁੰਬਰ, ਅੰਮ੍ਰਿਤਬੀਰ ਸਿੰਘ, ਸੁਰੇਸ਼ ਸਹਿਗਲ, ਸਰਬਜੀਤ ਸਿੰਘ ਮੱਕੜ, ਵਿਨੀਤ ਧੀਰ, ਨਿਤਿਨ ਕੋਹਲੀ, ਚੰਦਨ ਗਰੇਵਾਲ, ਡਾ. ਪਰਮਜੀਤ ਸਿੰਘ ਮਰਵਾਹਾ, ਠੇਕੇਦਾਰ ਕਰਤਾਰ ਸਿੰਘ ਬਿੱਲਾ, ਗੁਰਸੇਵਕ ਸਿੰਘ ਹੀਰਾ, ਗੁਰਬਚਨ ਸਿੰਘ ਮੱਕੜ, ਐਡਵੋਕੇਟ ਵਿਨੋਦ ਕੌਲ, ਭੁਪਿੰਦਰ ਸਿੰਘ ਖ਼ਾਲਸਾ, ਰਵਿੰਦਰ ਸਿੰਘ ਸਵੀਟੀ, ਚਰਨਜੀਵ ਸਿੰਘ ਲਾਲੀ, ਪ੍ਰਮਦੀਪ ਸਿੰਘ ਗੁੰਬਰ, ਚਰਨ ਸਿੰਘ ਮਕਸੂਦਾਂ, ਕੁਲਦੀਪ ਸਿੰਘ ਬੈਂਸ ਅਤੇ ਹਰਜੋਤ ਸਿੰਘ ਲੱਕੀ ਸਮੇਤ ਵੱਡੀ ਗਿਣਤੀ ਵਿੱਚ ਧਾਰਮਿਕ, ਸਮਾਜਿਕ ਅਤੇ ਰਾਜਨੀਤਿਕ ਸ਼ਖ਼ਸੀਅਤਾਂ ਮੌਜੂਦ ਰਹੀਆਂ।
ਸਮੁੱਚੇ ਨਗਰ ਕੀਰਤਨ ਦੌਰਾਨ ਗੁਰੂ ਕਾ ਲੰਗਰ ਅਤੁੱਟ ਵਰਤਿਆ ਅਤੇ ਸੰਗਤਾਂ ਨੇ ਵੱਧ-ਚੜ੍ਹ ਕੇ ਸੇਵਾ ਕੀਤੀ। ਇਹ ਨਗਰ ਕੀਰਤਨ ਜਿੱਥੇ ਸਿੱਖੀ ਸਿਧਾਂਤਾਂ, ਗੁਰੂ ਨਾਨਕ ਦੇਵ ਜੀ ਦੀ ਵਿਚਾਰਧਾਰਾ ਅਤੇ ਗੁਰਬਾਣੀ ਦੇ ਸੰਦੇਸ਼ ਨੂੰ ਸਮਰਪਿਤ ਰਿਹਾ, ਉੱਥੇ ਹੀ ਵਾਤਾਵਰਨ ਦੀ ਸੰਭਾਲ, ਨਸ਼ਾ ਮੁਕਤੀ, ਸਮਾਜਿਕ ਏਕਤਾ ਅਤੇ ਮਨੁੱਖਤਾ ਦੀ ਸੇਵਾ ਦਾ ਸੁਨੇਹਾ ਵੀ ਦੇ ਗਿਆ।
ਨਗਰ ਕੀਰਤਨ ‘ਚ ਡਿਪਟੀ ਕਮਿਸ਼ਨਰ ਤੇ ਪੁਲਿਸ ਕਮਿਸ਼ਨਰ ਨੇ ਕੀਤੀ ਸ਼ਿਰਕਤ
ਮੱਥਾ ਟੇਕਿਆ, ਜ਼ਿਲ੍ਹਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਕੀਤੀ ਅਰਦਾਸ

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੇ ਸਬੰਧ ਵਿੱਚ ਅੱਜ ਸ਼ਹਿਰ ਵਿੱਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਵਿੱਚ ਡਿਪਟੀ ਕਮਿਸ਼ਨਰ ਵਰਜੀਤ ਵਾਲੀਆ ਅਤੇ ਪੁਲਿਸ ਕਮਿਸ਼ਨਰ ਸਤਿੰਦਰ ਸਿੰਘ ਨੇ ਸ਼ਿਰਕਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋ ਕੇ ਮੱਥਾ ਟੇਕਿਆ ਅਤੇ ਜ਼ਿਲ੍ਹਾ ਵਾਸੀਆਂ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ।
ਇਸ ਮੌਕੇ ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਸਮੁੱਚੀ ਮਨੁੱਖਤਾ ਲਈ ਚਾਨਣ ਮੁਨਾਰਾ ਹਨ।
ਉਨ੍ਹਾਂ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਪਾਵਨ ਬਾਣੀ ਸਮੁੱਚੀ ਲੋਕਾਈ ਨੂੰ ਸੱਚ, ਬਰਾਬਰੀ, ਕਿਰਤ ਅਤੇ ਸਰਬ ਸਾਂਝੀਵਾਲਤਾ ਦਾ ਸੰਦੇਸ਼ ਦਿੰਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਦੀਆਂ ਸਿੱਖਿਆਵਾਂ ’ਤੇ ਚੱਲ ਕੇ ਸਮਾਜ ਵਿੱਚ ਪਿਆਰ, ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕੀਤਾ ਜਾ ਸਕਦਾ ਹੈ। ਉਨ੍ਹਾਂ ਸਮੂਹ ਸੰਗਤ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਵੱਲੋਂ ਦਰਸਾਏ ਮਾਰਗ ’ਤੇ ਚੱਲਦਿਆਂ ਮਨੁੱਖਤਾ ਦੀ ਸੇਵਾ, ਲੋੜਵੰਦਾਂ ਦੀ ਸਹਾਇਤਾ ਅਤੇ ਸਮਾਜ ਦੀ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦੀ ਅਪੀਲ ਕੀਤੀ।
ਇਸ ਮੌਕੇ ਵੱਡੀ ਗਿਣਤੀ ਸੰਗਤ ਤੋਂ ਇਲਾਵਾ ਡੀਸੀਪੀ ਪਰਮਿੰਦਰ ਸਿੰਘ ਹੀਰ ਅਤੇ ਹੋਰ ਸ਼ਖਸੀਅਤਾਂ ਵੀ ਮੌਜੂਦ ਸਨ।
