ਚੰਡੀਗੜ੍ਹ: Major Times
ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਹਾਈਕੋਰਟ ਦੇ ਹਾਲੀਆ ਫੈਸਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦੀ ਪੰਜਾਬ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਅਦਾਲਤੀ ਟਿੱਪਣੀਆਂ ਨੇ ਸਰਕਾਰ ਦੇ ਕੰਮਕਾਜ ਅਤੇ ਭ੍ਰਿਸ਼ਟਾਚਾਰ ਨਾਲ ਜੁੜੇ ਦੋਸ਼ਾਂ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕੀਤੇ ਹਨ।
ਢਿੱਲੋਂ ਨੇ ਕਿਹਾ ਕਿ ਇੱਕ ਪਾਸੇ ਸਰਕਾਰ ਵੱਲੋਂ ਇਮਾਨਦਾਰੀ ਦੇ ਦਾਅਵੇ ਕੀਤੇ ਜਾ ਰਹੇ ਹਨ, ਜਦਕਿ ਦੂਜੇ ਪਾਸੇ ਭ੍ਰਿਸ਼ਟਾਚਾਰ ਨਾਲ ਜੁੜੇ ਮਾਮਲੇ ਲਗਾਤਾਰ ਸਾਹਮਣੇ ਆ ਰਹੇ ਹਨ। ਉਨ੍ਹਾਂ ਦੋਸ਼ ਲਾਇਆ ਕਿ ਭ੍ਰਿਸ਼ਟਾਚਾਰ ਦੇ ਮਾਮਲੇ ਸਰਕਾਰ ਦੇ ਉੱਚ ਪੱਧਰ ਤੱਕ ਪਹੁੰਚ ਚੁੱਕੇ ਹਨ।
ਲੁਧਿਆਣਾ ਦੀ ਕਾਨੂੰਨ-ਵਿਵਸਥਾ ’ਤੇ ਵੀ ਘੇਰਿਆ
ਭਾਜਪਾ ਆਗੂ ਨੇ ਪੰਜਾਬ ਦੀ ਕਾਨੂੰਨ-ਵਿਵਸਥਾ ਨੂੰ ਲੈ ਕੇ ਵੀ ਸਰਕਾਰ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਲੁਧਿਆਣਾ ਵਿੱਚ 48 ਘੰਟਿਆਂ ਦੌਰਾਨ ਤਿੰਨ ਕਤਲ ਹੋਣ ਦੀਆਂ ਘਟਨਾਵਾਂ ਚਿੰਤਾ ਦਾ ਵਿਸ਼ਾ ਹਨ। ਉਨ੍ਹਾਂ ਦਾਅਵਾ ਕੀਤਾ ਕਿ ਹਾਈਕੋਰਟ ਨੇ ਵੀ ਪੁਲਿਸ ਦੀ ਕਾਰਗੁਜ਼ਾਰੀ ਅਤੇ ਚੁੱਪੀ ਨੂੰ ਲੈ ਕੇ ਸਵਾਲ ਉਠਾਏ ਹਨ।
‘ਸਰਕਾਰ ਬਣਨ ਤੋਂ ਬਾਅਦ ਹੀ ਲੱਗੇ ਦੋਸ਼’
ਢਿੱਲੋਂ ਨੇ ਕਿਹਾ ਕਿ ਮਾਨ ਸਰਕਾਰ ਦੇ ਸੱਤਾ ਵਿੱਚ ਆਉਣ ਤੋਂ ਕੁਝ ਸਮੇਂ ਬਾਅਦ ਹੀ ਭ੍ਰਿਸ਼ਟਾਚਾਰ ਨਾਲ ਸਬੰਧਤ ਪਹਿਲਾ ਵੱਡਾ ਮਾਮਲਾ ਸਾਹਮਣੇ ਆ ਗਿਆ ਸੀ। ਉਨ੍ਹਾਂ ਤਤਕਾਲੀ ਮੰਤਰੀ ਵਿਜੈ ਸਿੰਗਲਾ ਖ਼ਿਲਾਫ਼ ਹੋਈ ਕਾਰਵਾਈ ਦਾ ਹਵਾਲਾ ਦਿੰਦਿਆਂ ਕਿਹਾ ਕਿ ਇਸ ਤੋਂ ਬਾਅਦ ਵੀ ਕਈ ਮੰਤਰੀਆਂ ਅਤੇ ਆਗੂਆਂ ’ਤੇ ਵੱਖ-ਵੱਖ ਦੋਸ਼ ਲੱਗਦੇ ਰਹੇ ਹਨ।
ਉਨ੍ਹਾਂ ਦੋਸ਼ ਲਾਇਆ ਕਿ ਸਰਕਾਰ ਤੋਂ ਸਵਾਲ ਪੁੱਛਣ ਵਾਲਿਆਂ ਅਤੇ ਮੀਡੀਆ ਨਾਲ ਜੁੜੇ ਲੋਕਾਂ ਖ਼ਿਲਾਫ਼ ਵੀ ਮਾਮਲੇ ਦਰਜ ਕੀਤੇ ਜਾਂਦੇ ਹਨ।
ਈਡੀ ਦੀ ਸ਼ਿਕਾਇਤ ’ਤੇ ਵੀ ਚੁੱਕਿਆ ਸਵਾਲ
ਭਾਜਪਾ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸਵਾਲ ਕਰਦਿਆਂ ਕਿਹਾ ਕਿ ਜੇਕਰ ਸਰਕਾਰ ਕੋਲ ਲੁਕਾਉਣ ਲਈ ਕੁਝ ਨਹੀਂ ਹੈ ਤਾਂ ਈਡੀ ਵੱਲੋਂ ਕੀਤੀ ਗਈ ਸ਼ਿਕਾਇਤ ਦੇ ਆਧਾਰ ’ਤੇ ਮਾਮਲਾ ਦਰਜ ਕਰਨ ਵਿੱਚ ਕੀ ਦਿੱਕਤ ਹੈ। ਉਨ੍ਹਾਂ ਦਾਅਵਾ ਕੀਤਾ ਕਿ ਸਰਕਾਰ ਕਾਨੂੰਨੀ ਅਤੇ ਸਿਆਸੀ ਦਬਾਅ ਵਿੱਚ ਘਿਰਦੀ ਜਾ ਰਹੀ ਹੈ।
ਢਿੱਲੋਂ ਨੇ ਮੁੱਖ ਮੰਤਰੀ ਤੋਂ ਨੈਤਿਕ ਆਧਾਰ ’ਤੇ ਅਸਤੀਫ਼ੇ ਦੀ ਮੰਗ ਕੀਤੀ। ਇਸ ਦੇ ਨਾਲ ਹੀ ਉਨ੍ਹਾਂ ਮੁੱਖ ਮੰਤਰੀ ਦੇ ਓਐੱਸਡੀ ਰਾਜਬੀਰ ਸਿੰਘ ਘੁੰਮਣ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਵੀ ਕੀਤੀ। ਉਨ੍ਹਾਂ ਕਿਹਾ ਕਿ ਈਡੀ ਵੱਲੋਂ ਇਸ ਮਾਮਲੇ ਸਬੰਧੀ ਤਿੰਨ ਵਾਰ ਪੱਤਰ ਭੇਜੇ ਗਏ ਸਨ।
‘ਪੰਜਾਬ ਵਿੱਚ ਬਦਲਾਅ ਦਾ ਸਮਾਂ ਆ ਗਿਆ’
ਇਸ ਮੌਕੇ ਭਾਜਪਾ ਦੇ ਮੀਡੀਆ ਇੰਚਾਰਜ ਵਿਨੀਤ ਜੋਸ਼ੀ ਨੇ ਕਿਹਾ ਕਿ ਪੰਜਾਬ ਦੀ ਸਿਆਸਤ ਵਿੱਚ ਬਦਲਾਅ ਦੀ ਸ਼ੁਰੂਆਤ ਹੋ ਚੁੱਕੀ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਇਸ ਦਾ ਅਸਰ ਹੋਰ ਸਪੱਸ਼ਟ ਹੋਵੇਗਾ।
ਢਿੱਲੋਂ ਨੇ ਇਹ ਵੀ ਐਲਾਨ ਕੀਤਾ ਕਿ ਭਾਜਪਾ ਪੰਜਾਬ ਵਿੱਚ ਆਪਣੇ ਦਮ ’ਤੇ ਵਿਧਾਨ ਸਭਾ ਚੋਣਾਂ ਲੜੇਗੀ। ਉਨ੍ਹਾਂ ਦਾਅਵਾ ਕੀਤਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਵਿੱਚ ਭਾਜਪਾ ਦੀ ਸਰਕਾਰ ਬਣਨ ਜਾ ਰਹੀ ਹੈ।
