ਖਿਡਾਰੀ ਨੂੰ 2 ਲੱਖ ਰੁਪਏ ਦੀ ਵਿੱਤੀ ਸਹਾਇਤਾ, ਨੌਜਵਾਨਾਂ ਨੂੰ ਖੇਡਾਂ ਨਾਲ ਜੁੜਨ ਦੀ ਅਪੀਲ
ਅੰਮ੍ਰਿਤਸਰ: Major Times
ਖੇਡਾਂ ਦੇ ਖੇਤਰ ਵਿੱਚ ਪੰਜਾਬ ਅਤੇ ਸਿੱਖ ਕੌਮ ਦਾ ਨਾਮ ਰੌਸ਼ਨ ਕਰਨ ਵਾਲੇ ਜਲੰਧਰ ਨਾਲ ਸਬੰਧਤ ਨੌਜਵਾਨ ਖਿਡਾਰੀ ਗੁਰਿੰਦਰਬੀਰ ਸਿੰਘ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਵੱਲੋਂ ਸਨਮਾਨਿਤ ਕੀਤਾ ਗਿਆ। ਗੁਰਿੰਦਰਬੀਰ ਸਿੰਘ ਨੇ ਏਸ਼ੀਆਈ ਖੇਡਾਂ ਵਿੱਚ ਮੈਡਲ ਹਾਸਲ ਕਰਕੇ ਦੇਸ਼ ਅਤੇ ਕੌਮ ਦਾ ਮਾਣ ਵਧਾਇਆ ਹੈ।
ਇਸ ਮੌਕੇ SGPC ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਨੇ ਦੱਸਿਆ ਕਿ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਲਏ ਗਏ ਫੈਸਲੇ ਤਹਿਤ ਗੁਰਿੰਦਰਬੀਰ ਸਿੰਘ ਨੂੰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਮਾਡਲ, ਸਨਮਾਨ ਪੱਤਰ ਅਤੇ 2 ਲੱਖ ਰੁਪਏ ਦੀ ਵਿੱਤੀ ਸਹਾਇਤਾ ਭੇਟ ਕੀਤੀ ਗਈ।
ਕੁਲਵੰਤ ਸਿੰਘ ਮੰਨਣ ਨੇ ਕਿਹਾ ਕਿ SGPC ਵੱਲੋਂ ਸਮੇਂ-ਸਮੇਂ ’ਤੇ ਓਲੰਪਿਕ ਅਤੇ ਏਸ਼ੀਆਈ ਖੇਡਾਂ ਵਰਗੇ ਅੰਤਰਰਾਸ਼ਟਰੀ ਮੰਚਾਂ ’ਤੇ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਸਿੱਖ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਅਤੇ ਖੇਡ ਮੈਦਾਨਾਂ ਨੂੰ ਮੁੜ ਸਰਗਰਮ ਕਰਨ ਦੀ ਲੋੜ ਹੈ।
ਉਨ੍ਹਾਂ ਕਿਹਾ ਕਿ ਦੇਸ਼ ਦੇ ਕਈ ਛੋਟੇ ਰਾਜਾਂ ਦੇ ਖਿਡਾਰੀ ਕੁਸ਼ਤੀ, ਮੁੱਕੇਬਾਜ਼ੀ ਅਤੇ ਕਬੱਡੀ ਸਮੇਤ ਵੱਖ-ਵੱਖ ਖੇਡਾਂ ਵਿੱਚ ਲਗਾਤਾਰ ਚੰਗਾ ਪ੍ਰਦਰਸ਼ਨ ਕਰ ਰਹੇ ਹਨ। ਪੰਜਾਬ ਦੇ ਨੌਜਵਾਨਾਂ ਵਿੱਚ ਵੀ ਖੇਡਾਂ ਪ੍ਰਤੀ ਉਤਸ਼ਾਹ ਪੈਦਾ ਕਰਕੇ ਉਨ੍ਹਾਂ ਨੂੰ ਵੱਡੇ ਪੱਧਰ ’ਤੇ ਤਿਆਰੀ ਦੇ ਮੌਕੇ ਮੁਹੱਈਆ ਕਰਵਾਉਣੇ ਜ਼ਰੂਰੀ ਹਨ।
ਮੁੱਖ ਸਕੱਤਰ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਣੀ ਊਰਜਾ ਨੂੰ ਖੇਡਾਂ ਤੇ ਹੋਰ ਉਸਾਰੂ ਗਤੀਵਿਧੀਆਂ ਵਿੱਚ ਲਗਾਉਣ। ਉਨ੍ਹਾਂ ਕਿਹਾ ਕਿ ਨੌਜਵਾਨ ਜੇਕਰ ਖੇਡ ਮੈਦਾਨਾਂ ਨਾਲ ਜੁੜਨਗੇ ਤਾਂ ਨਾ ਸਿਰਫ਼ ਉਨ੍ਹਾਂ ਦਾ ਭਵਿੱਖ ਬਿਹਤਰ ਹੋਵੇਗਾ, ਸਗੋਂ ਪੰਜਾਬ ਦਾ ਮਾਣ ਵੀ ਦੁਨੀਆ ਭਰ ਵਿੱਚ ਵਧੇਗਾ।
ਉਨ੍ਹਾਂ ਇਹ ਵੀ ਕਿਹਾ ਕਿ SGPC ਵੱਲੋਂ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਦੇ ਨਾਲ-ਨਾਲ ਲੋੜਵੰਦ ਬੱਚਿਆਂ ਦੀ ਸਿੱਖਿਆ, ਇਲਾਜ ਅਤੇ ਹੋਰ ਜ਼ਰੂਰੀ ਲੋੜਾਂ ਲਈ ਵੀ ਹਰ ਸੰਭਵ ਸਹਾਇਤਾ ਜਾਰੀ ਰੱਖੀ ਜਾਵੇਗੀ।
