8 ਜ਼ਿਲ੍ਹਿਆਂ ‘ਚ ਆਮ ਨਾਲੋਂ ਵੱਧ ਦਰਜ ਹੋਇਆ ਘੱਟੋ-ਘੱਟ ਤਾਪਮਾਨ, 4 ਦਸੰਬਰ ਤੋਂ ਮੀਂਹ ਪੈਣ ਦੀ ਸੰਭਾਵਨਾ
ਚੰਡੀਗੜ੍ਹ: Major Times
ਪੰਜਾਬ ਵਿੱਚ ਸਰਦੀ ਦੇ ਮੌਸਮ ਦੌਰਾਨ ਧੁੰਦ ਦਾ ਅਸਰ ਵਧਣ ਲੱਗਾ ਹੈ। ਮੌਸਮ ਵਿਭਾਗ ਵੱਲੋਂ ਜਾਰੀ ਤਾਜ਼ਾ ਭਵਿੱਖਬਾਣੀ ਅਨੁਸਾਰ ਸੂਬੇ ਦੇ ਕਈ ਜ਼ਿਲ੍ਹਿਆਂ ਵਿੱਚ 1 ਦਸੰਬਰ ਤੱਕ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਕਈ ਇਲਾਕਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਉੱਪਰ ਦਰਜ ਕੀਤਾ ਜਾ ਰਿਹਾ ਹੈ।
ਮੌਸਮ ਵਿਭਾਗ ਦੇ ਅੰਕੜਿਆਂ ਮੁਤਾਬਕ ਸ਼ਨੀਵਾਰ ਨੂੰ ਲੁਧਿਆਣਾ, ਰੂਪਨਗਰ, ਚੰਡੀਗੜ੍ਹ ਅਤੇ ਬਠਿੰਡਾ ਸਮੇਤ ਅੱਠ ਜ਼ਿਲ੍ਹਿਆਂ ਵਿੱਚ ਘੱਟੋ-ਘੱਟ ਤਾਪਮਾਨ ਆਮ ਨਾਲੋਂ ਵੱਧ ਰਿਹਾ। ਰੂਪਨਗਰ, ਮੁਹਾਲੀ, ਲੁਧਿਆਣਾ ਅਤੇ ਬਠਿੰਡਾ ਵਿੱਚ ਤਾਪਮਾਨ 11 ਡਿਗਰੀ ਸੈਲਸੀਅਸ ਤੋਂ ਉੱਪਰ ਦਰਜ ਕੀਤਾ ਗਿਆ, ਜੋ ਆਮ ਨਾਲੋਂ 2 ਤੋਂ 3 ਡਿਗਰੀ ਵੱਧ ਸੀ।
ਅੰਕੜਿਆਂ ਅਨੁਸਾਰ ਰੂਪਨਗਰ ਵਿੱਚ ਘੱਟੋ-ਘੱਟ ਤਾਪਮਾਨ 11.6 ਡਿਗਰੀ, ਮੁਹਾਲੀ ਵਿੱਚ 11.3 ਡਿਗਰੀ, ਲੁਧਿਆਣਾ ਵਿੱਚ 11.2 ਡਿਗਰੀ, ਚੰਡੀਗੜ੍ਹ ਅਤੇ ਗੁਰਦਾਸਪੁਰ ਵਿੱਚ 11 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸੇ ਤਰ੍ਹਾਂ ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਤਾਪਮਾਨ 10 ਡਿਗਰੀ ਸੈਲਸੀਅਸ ਰਿਹਾ।
ਦੂਜੇ ਪਾਸੇ ਪਟਿਆਲਾ ਵਿੱਚ ਘੱਟੋ-ਘੱਟ ਤਾਪਮਾਨ 9.6 ਡਿਗਰੀ, ਹੁਸ਼ਿਆਰਪੁਰ ਵਿੱਚ 9.7 ਡਿਗਰੀ ਅਤੇ ਅੰਮ੍ਰਿਤਸਰ ਵਿੱਚ 8.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ 1 ਦਸੰਬਰ ਤੱਕ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਧੁੰਦ ਪੈਣ ਦਾ ਸਿਲਸਿਲਾ ਜਾਰੀ ਰਹਿ ਸਕਦਾ ਹੈ। ਇਸ ਤੋਂ ਬਾਅਦ 2 ਦਸੰਬਰ ਤੋਂ ਮੌਸਮ ਸਾਫ਼ ਹੋਣ ਦੀ ਉਮੀਦ ਹੈ।
ਇਸ ਦੇ ਨਾਲ ਹੀ 4 ਦਸੰਬਰ ਤੋਂ ਇਕ ਨਵਾਂ ਪੱਛਮੀ ਗੜਬੜੀ ਸਿਸਟਮ ਸਰਗਰਮ ਹੋ ਸਕਦਾ ਹੈ। ਇਸ ਦੇ ਪ੍ਰਭਾਵ ਕਾਰਨ ਪੰਜਾਬ ਦੇ ਕੁਝ ਹਿੱਸਿਆਂ ਵਿੱਚ ਮੀਂਹ ਜਾਂ ਹਲਕੀ ਕਿਣਮਿਣ ਹੋਣ ਦੀ ਸੰਭਾਵਨਾ ਜਤਾਈ ਗਈ ਹੈ। ਲੋਕਾਂ ਨੂੰ ਧੁੰਦ ਦੌਰਾਨ ਵਾਹਨ ਚਲਾਉਂਦੇ ਸਮੇਂ ਸਾਵਧਾਨੀ ਵਰਤਣ ਦੀ ਸਲਾਹ ਦਿੱਤੀ ਜਾਂਦੀ ਹੈ।
