ਹਰਿੰਦਰਪਾਲ ਚੰਦੂਮਾਜਰਾ ਨੇ 450 ਦੇ ਕਰੀਬ ਆਗੂਆਂ ਤੇ ਵਰਕਰਾਂ ਸਮੇਤ ਛੱਡੀ ਪਾਰਟੀ
ਪਟਿਆਲਾ: Majoer Times

ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਨੂੰ ਇੱਕ ਹੋਰ ਸਿਆਸੀ ਝਟਕਾ ਲੱਗਿਆ ਹੈ। ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਪਾਰਟੀ ਤੋਂ ਵੱਖ ਹੋਣ ਦੇ ਐਲਾਨ ਤੋਂ ਇੱਕ ਦਿਨ ਬਾਅਦ ਹੁਣ ਉਨ੍ਹਾਂ ਦੇ ਪੁੱਤਰ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਵੀ ਆਪਣੇ ਸਮਰਥਕਾਂ ਸਮੇਤ ਪਾਰਟੀ ਛੱਡਣ ਦਾ ਐਲਾਨ ਕਰ ਦਿੱਤਾ ਹੈ।
ਵੀਰਵਾਰ ਨੂੰ ਗੁਰਦੁਆਰਾ ਸ੍ਰੀ ਦੁਖਨਿਵਾਰਨ ਸਾਹਿਬ, ਪਟਿਆਲਾ ਵਿਖੇ ਕੀਤੀ ਗਈ ਪ੍ਰੈੱਸ ਕਾਨਫਰੰਸ ਦੌਰਾਨ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਹਲਕਾ ਸਨੌਰ ਦੇ ਪਾਰਟੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ ਸਮੂਹਿਕ ਤੌਰ ‘ਤੇ ਪਾਰਟੀ ਤੋਂ ਵੱਖ ਹੋਣ ਦਾ ਐਲਾਨ ਕੀਤਾ।
450 ਦੇ ਕਰੀਬ ਡੈਲੀਗੇਟਾਂ ਸਮੇਤ ਕਈ ਆਗੂਆਂ ਨੇ ਛੱਡੀ ਪਾਰਟੀ
ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਉਨ੍ਹਾਂ ਦੇ ਨਾਲ ਹਲਕਾ ਸਨੌਰ ਦੇ ਬਲਾਕ ਸੰਮਤੀ ਮੈਂਬਰ, ਸੂਬਾ ਪੱਧਰੀ ਅਹੁਦੇਦਾਰ, ਜ਼ਿਲ੍ਹਾ ਆਗੂ, ਸਾਰੇ 10 ਸਰਕਲ ਪ੍ਰਧਾਨ, ਕਰੀਬ 450 ਜ਼ਿਲ੍ਹਾ ਅਤੇ ਸੂਬਾ ਪੱਧਰੀ ਡੈਲੀਗੇਟ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਵੀ ਮੌਜੂਦ ਸਨ। ਸਾਰਿਆਂ ਨੇ ਇਕਮਤ ਹੋ ਕੇ ਪਾਰਟੀ ਤੋਂ ਵੱਖ ਹੋਣ ਦਾ ਫੈਸਲਾ ਕੀਤਾ ਹੈ।
ਪਾਰਟੀ ਦੀ ਕਾਰਜਸ਼ੈਲੀ ਤੋਂ ਨਾਰਾਜ਼ਗੀ ਜਤਾਈ
ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਵਰਕਰਾਂ ਦੀਆਂ ਭਾਵਨਾਵਾਂ ਅਤੇ ਸੁਝਾਵਾਂ ਨੂੰ ਧਿਆਨ ਵਿੱਚ ਰੱਖ ਕੇ ਪਾਰਟੀ ਛੱਡਣ ਦਾ ਫੈਸਲਾ ਲਿਆ ਹੈ। ਉਨ੍ਹਾਂ ਮੁਤਾਬਕ ਪਾਰਟੀ ਵੱਲੋਂ ਪੰਜਾਬ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਪ੍ਰਭਾਵਸ਼ਾਲੀ ਸੰਘਰਸ਼ੀ ਪ੍ਰੋਗਰਾਮ ਨਹੀਂ ਉਲੀਕੇ ਜਾ ਸਕੇ।
ਉਨ੍ਹਾਂ ਕਿਹਾ ਕਿ ਵਿਰੋਧ ਸਿਰਫ਼ ਅਖ਼ਬਾਰਾਂ ਦੀਆਂ ਖ਼ਬਰਾਂ ਅਤੇ ਸੋਸ਼ਲ ਮੀਡੀਆ ਪੋਸਟਾਂ ਤੱਕ ਸੀਮਤ ਹੋ ਕੇ ਰਹਿ ਗਿਆ ਸੀ, ਜਦਕਿ ਲੋਕਾਂ ਨੂੰ ਮੈਦਾਨ ਵਿੱਚ ਉਤਰ ਕੇ ਸੰਘਰਸ਼ ਕਰਨ ਵਾਲੀ ਲੀਡਰਸ਼ਿਪ ਦੀ ਉਮੀਦ ਸੀ।
ਪੰਥਕ ਏਕਤਾ ਦੇ ਮੁੱਦੇ ‘ਤੇ ਵੀ ਵਿਚਾਰਾਂ ਦਾ ਅੰਤਰ
ਹਰਿੰਦਰਪਾਲ ਸਿੰਘ ਨੇ ਕਿਹਾ ਕਿ ਪ੍ਰੋ. ਚੰਦੂਮਾਜਰਾ ਨੇ ਖੇਰੂੰ-ਖੇਰੂੰ ਹੋਈ ਅਕਾਲੀ ਤਾਕਤ ਨੂੰ ਇੱਕ ਮੰਚ ‘ਤੇ ਇਕੱਠਾ ਕਰਨ ਦੀ ਅਪੀਲ ਕੀਤੀ ਸੀ, ਪਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਆਏ ਜਵਾਬ ਤੋਂ ਵਿਚਾਰਾਂ ਅਤੇ ਕੰਮ ਕਰਨ ਦੀ ਸ਼ੈਲੀ ਵਿੱਚ ਅੰਤਰ ਸਾਹਮਣੇ ਆਇਆ।
ਉਨ੍ਹਾਂ ਬੀਬੀ ਜਗੀਰ ਕੌਰ, ਗੁਰਪ੍ਰਤਾਪ ਸਿੰਘ ਵਡਾਲਾ, ਪਰਮਿੰਦਰ ਸਿੰਘ ਢੀਂਡਸਾ ਅਤੇ ਸੁੱਚਾ ਸਿੰਘ ਛੋਟੇਪੁਰ ਸਮੇਤ ਹੋਰ ਅਕਾਲੀ ਆਗੂਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਰਿਆਂ ਨੂੰ ਪੰਥਕ ਤਾਕਤ ਇਕੱਠੀ ਕਰਨ ਲਈ ਸਾਂਝੇ ਯਤਨ ਕਰਨੇ ਚਾਹੀਦੇ ਹਨ।
ਕੀ ਸੁਖਬੀਰ ਬਾਦਲ ਦੀ ਪਾਰਟੀ ਵਿੱਚ ਹੋਣਗੇ ਸ਼ਾਮਲ?
ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋਣ ਬਾਰੇ ਪੁੱਛੇ ਸਵਾਲ ‘ਤੇ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਸਪੱਸ਼ਟ ਕੀਤਾ ਕਿ ਫਿਲਹਾਲ ਇਸ ਸਬੰਧੀ ਕੋਈ ਫੈਸਲਾ ਨਹੀਂ ਲਿਆ ਗਿਆ।
ਉਨ੍ਹਾਂ ਕਿਹਾ ਕਿ ਅਗਲਾ ਸਿਆਸੀ ਕਦਮ ਵਰਕਰਾਂ ਦੀ ਰਾਏ ਅਤੇ ਭਾਵਨਾਵਾਂ ਨੂੰ ਧਿਆਨ ਵਿੱਚ ਰੱਖ ਕੇ ਹੀ ਤੈਅ ਕੀਤਾ ਜਾਵੇਗਾ। ਇਸ ਸਬੰਧੀ ਪ੍ਰੈੱਸ ਕਾਨਫਰੰਸ ਤੋਂ ਬਾਅਦ ਵਰਕਰਾਂ ਨਾਲ ਮੀਟਿੰਗ ਵੀ ਕੀਤੀ ਜਾਵੇਗੀ।
ਉਨ੍ਹਾਂ ਦੁਹਰਾਇਆ ਕਿ ਉਨ੍ਹਾਂ ਦੀ ਮੁੱਖ ਤਰਜੀਹ ਪੰਜਾਬ ਦੇ ਹੱਕਾਂ, ਹਿੱਤਾਂ ਅਤੇ ਪੰਥਕ ਏਕਤਾ ਨੂੰ ਮਜ਼ਬੂਤ ਕਰਨਾ ਹੈ। ਹੁਣ ਦੇਖਣਾ ਹੋਵੇਗਾ ਕਿ ਚੰਦੂਮਾਜਰਾ ਪਰਿਵਾਰ ਆਪਣੇ ਸਮਰਥਕਾਂ ਨਾਲ ਅਗਲਾ ਸਿਆਸੀ ਕਦਮ ਕੀ ਚੁੱਕਦਾ ਹੈ ਅਤੇ ਕੀ ਅਕਾਲੀ ਏਕਤਾ ਦੀਆਂ ਕੋਸ਼ਿਸ਼ਾਂ ਕਿਸੇ ਨਵੇਂ ਸਿਆਸੀ ਮੋੜ ਵੱਲ ਵਧਦੀਆਂ ਹਨ।
